ਬਾਦਲ ਪਰਿਵਾਰ ਦਾ ਨਾਮ ਇਤਿਹਾਸ ਦੇ ਕਾਲੇ ਪੰਨਿਆਂ ‘ਤੇ ਦਰਜ ਹੋਵੇਗਾ-ਨਵਜੋਤ ਸਿੰਘ ਸਿੱਧੂ



ਲੁਧਿਆਣਾ – ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਕੈਬਨਿਟ ਮੰਤਰੀ ਸ੍ਰ. ਨਵਜੋਤ ਸਿੰਘ ਸਿੱਧੂ ਨੇ ਕਿਹਾ ਹੈ ਕਿ ਬਾਦਲ ਪਰਿਵਾਰ ਨੇ ਪਿਛਲੇ ਸਮੇਂ ਦੌਰਾਨ ਪੰਜਾਬ ਅਤੇ ਇਥੋਂ ਦੇ ਲੋਕਾਂ ਨੂੰ ਬੁਰੀ ਤਰਾਂ ਨਾਲ ਆਰਥਿਕ ਤੌਰ ‘ਤੇ ਤੋੜ ਦਿੱਤਾ ਹੈ। ਜਿਸ ਕਾਰਨ ਇਸ ਪਰਿਵਾਰ ਦਾ ਨਾਮ ਇਤਿਹਾਸ ਦੇ ਕਾਲੇ ਪੰਨਿਆਂ ‘ਤੇ ਦਰਜ ਹੋਵੇਗਾ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਗਠਜੋੜ ਦੀ ਸਰਕਾਰ ਦੇ ਸਮੇਂ ਨੂੰ ਆਰਥਿਕ ਅੱਤਵਾਦ ਦੇ ਦੌਰ ਵਜੋਂ ਯਾਦ ਕੀਤਾ ਜਾਂਦਾ ਰਹੇਗਾ।

ਅੱਜ ਇਤਿਹਾਸਕ ਪਿੰਡ ਛਪਾਰ ਦੇ ਮੇਲੇ ਦੌਰਾਨ ਭਰਵੀਂ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ੍ਰ. ਸਿੱਧੂ ਨੇ ਕਿਹਾ ਕਿ ਪਿਛਲੀ ਸਰਕਾਰ ਨੇ ‘ਰਾਜ ਨਹੀਂ ਸੇਵਾ’ ਦਾ ਨਾਅਰਾ ਤਾਂ ਦਿੱਤਾ ਪਰ ਇਸ ਨਾਅਰੇ ਮੁਤਾਬਿਕ ਕੰਮ ਨਹੀਂ ਕੀਤੇ। ਬਾਦਲ ਪਰਿਵਾਰ ਨੇ ਪਿਛਲੇ 10 ਸਾਲਾਂ ਦੇ ਰਾਜ ਭਾਗ ਦੌਰਾਨ ਪੰਜਾਬ ਦੇ ਖ਼ਜ਼ਾਨੇ ਨੂੰ ਇਸ ਤਰਾਂ ਯੋਜਨਾਬੱਧ ਤਰੀਕੇ ਨਾਲ ਆਪਣੇ ਨਿੱਜੀ ਲਾਭ ਲਈ ਵਰਤਿਆ ਕਿ ਅੱਜ ਪੰਜਾਬ ਅਤੇ ਇਥੋਂ ਦੇ ਲੋਕ ਆਰਥਿਕ ਤੌਰ ‘ਤੇ ਪੂਰੀ ਤਰਾਂ ਟੁੱਟ ਚੁੱਕੇ ਹਨ। ਉਨਾਂ ਦੋਸ਼ ਲਗਾਇਆ ਕਿ ਬਾਦਲ ਪਰਿਵਾਰ ਨੇ ਪੰਜਾਬ ਦੇ ਸਾਰੇ ਕਾਰੋਬਾਰਾਂ ‘ਤੇ ਕਬਜ਼ਾ ਅਤੇ ਏਕਾਅਧਿਕਾਰ ਸਥਾਪਤ ਕਰਨ ਦੀ ਨੀਅਤ ਨਾਲ ਸੂਬੇ ਨੂੰ ਰੱਜ ਕੇ ਲੁੱਟਿਆ। ਜਿਸ ਕਾਰਨ ਬਾਦਲ ਪਰਿਵਾਰ ਅਤੇ ਇਨਾਂ ਦੇ ਰਿਸ਼ਤੇਦਾਰਾਂ ਦਾ ਨਾਮ ਇਤਿਹਾਸ ਦੇ ਪੰਨਿਆਂ ‘ਤੇ ਕਾਲੇ ਅੱਖ਼ਰਾਂ ਵਿੱਚ ਦਰਜ ਹੋਵੇਗਾ। ਜਦਕਿ ਪਿਛਲੇ 10 ਸਾਲਾਂ ਨੂੰ ਇਤਿਹਾਸ ਵਿੱਚ ਆਰਥਿਕ ਅੱਤਵਾਦ ਦੇ ਦੌਰ ਦੇ ਨਾਮ ਨਾਲ ਜਾਣਿਆ ਜਾਵੇਗਾ।

ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼ੁਰੂ ਕੀਤੀ ਜਬਰ ਵਿਰੋਧੀ ਲਹਿਰ ਨੂੰ ਰਾਜਨੀਤਕ ਡਰਾਮਾ ਕਰਾਰ ਦਿੰਦਿਆਂ ਉਨਾਂ ਕਿਹਾ ਕਿ ਜੋ ਖੁਦ ਜ਼ਬਰ ਕਰਦੇ ਰਹੇ ਹੋਣ, ਉਹ ਲੋਕਾਂ ਵੱਲੋਂ ਚੁਣੀ ਗਈ ਸਰਕਾਰ ‘ਤੇ ਕਿਹੜੇ ਮੂੰਹ ਨਾਲ ਦੋਸ਼ ਲਗਾ ਰਹੇ ਹਨ। ਉਨਾਂ ਕਿਹਾ ਕਿ ਪੰਜਾਬ ਦੇ ਲੋਕ ਭਲੀਭਾਂਤ ਜਾਣਦੇ ਹਨ ਕਿ ਅਕਾਲੀ ਭਾਜਪਾ ਸਰਕਾਰ ਦੇ ਸਮੇਂ ਹੀ ਬਰਗਾੜੀ ਕਾਂਡ, ਅਬੋਹਰ ਖੇਤਰ ਵਿੱਚ ਦਲਿਤ ਦੀ ਦਰਦਨਾਕ ਹੱਤਿਆ, ਮੋਗਾ ਬੱਸ ਕਾਂਡ ਅਤੇ ਹੋਰ ਕਾਂਡ ਹੋਏ। ਇਸ ਤੋਂ ਇਲਾਵਾ ਸਰਕਾਰ ਦੀ ਸ਼ਹਿ ‘ਤੇ ਚੱਲੇ ਨਸ਼ੇ ਦੇ ਦੌਰ ਨੇ ਕਈ ਨੌਜਵਾਨਾਂ ਦੀ ਜਾਨ ਲੈ ਲਈ, 7000 ਤੋਂ ਵਧੇਰੇ ਕਿਸਾਨਾਂ ਨੇ ਖੁਦਕੁਸ਼ੀਆਂ ਕੀਤੀਆਂ। ਉਨਾਂ ਇਸ ਮੌਕੇ ਪੰਜਾਬ ਸਰਕਾਰ ਵੱਲੋਂ ਪਿੰਡ ਛਪਾਰ ਦੇ ਵਿਕਾਸ ਕਾਰਜਾਂ ਲਈ 20 ਲੱਖ ਰੁਪਏ ਦੇਣ ਦਾ ਐਲਾਨ ਕੀਤਾ।

ਸਮਾਗਮ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਸ੍ਰ. ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਪਿਛਲੇ 10 ਸਾਲਾਂ ਦੇ ਕੁਸ਼ਾਸ਼ਨ ਦਾ ਨਤੀਜਾ ਇਹ ਹੈ ਕਿ ਅੱਜ ਪੰਜਾਬ 3.5 ਲੱਖ ਕਰੋੜ ਰੁਪਏ ਦੇ ਕਰਜ਼ੇ ਦੇ ਬੋਝ ਹੇਠ ਦੱਬਿਆ ਹੋਇਆ ਹੈ। ਉਨਾਂ ਕਿਹਾ ਕਿ ਆਉਂਦੇ ਸਮੇਂ ਵਿੱਚ ਲੱਖਾਂ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰ ਦਿੱਤਾ ਜਾਵੇਗਾ। ਇਸ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿਨ ਰਾਤ ਸਖ਼ਤ ਮਿਹਨਤ ਕਰ ਰਹੇ ਹਨ। ਉਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਜਿੱਥੇ ਅਕਾਲੀ ਭਾਜਪਾ ਗਠਜੋੜ ਨੂੰ 10 ਸਾਲ ਦਾ ਸਮਾਂ ਦਿੱਤਾ, ਉਥੇ ਕਾਂਗਰਸ ਪਾਰਟੀ ਦੀ ਸਰਕਾਰ ਨੂੰ ਕੁਝ ਹੋਰ ਸਮਾਂ ਦੇਣ ਤਾਂ ਜੋ ਪੰਜਾਬ ਨੂੰ ਆਰਥਿਕ ਤੌਰ ‘ਤੇ ਪੈਰਾਂ ਸਿਰ ਕਰਕੇ ਸੂਬੇ ਦਾ ਯੋਜਨਾਬੱਧ ਤਰੀਕੇ ਨਾਲ ਵਿਕਾਸ ਸ਼ੁਰੂ ਕਰਵਾਇਆ ਜਾ ਸਕੇ।ਉਨਾਂ ਦੋਸ਼ ਲਗਾਇਆ ਕਿ ਅਕਾਲੀ ਭਾਜਪਾ ਗਠਜੋੜ ਨੇ ਲੋਕਾਂ ਦੇ ਪੈਸੇ ਦੀ ਰੱਜ ਕੇ ਦੁਰਵਰਤੋਂ ਕੀਤੀ। ਨਤੀਜਾ ਇਹ ਹੋਇਆ ਕਿ ਕਾਂਗਰਸ ਪਾਰਟੀ ਵੱਲੋਂ ਸੂਬੇ ਦੀ ਵਾਗਡੋਰ ਸੰਭਾਲਣ ਮੌਕੇ ਪੰਜਾਬ ਗੰਭੀਰ ਆਰਥਿਕ ਸੰਕਟ ਵਿੱਚੋਂ ਗੁਜ਼ਰ ਰਿਹਾ ਸੀ।

ਅਗਲੇ ਪਨੇ ਤੇ ਪੜੋ ਪੂਰੀ ਖਬਰ





LEAVE A REPLY