ਜ਼ਿਲ੍ਹਾ ਲੁਧਿਆਣਾ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਤੇ 5 ਲੱਖ 17 ਹਜ਼ਾਰ 550 ਬੂਟੇ ਲਗਾਏ ਜਾਣਗੇ – ਡਿਪਟੀ ਕਮਿਸ਼ਨਰ


ਲੁਧਿਆਣਾ – ਅੱਜ ਇੱਥੇ ਮਿੰਨੀ ਸਕੱਤਰੇਤ ਵਿਖੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਵੱਖ-ਵੱਖ ਵਿਭਾਗਾਂ ਦੀ ਪ੍ਰਗਤੀ ਦਾ ਜ਼ਾਇਜਾ ਲੈਣ ਲਈ ਆਯੋਜਿਤ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਵਾਤਾਵਰਣ ਦੀ ਸ਼ੁੱਧਤਾ ਲਈ 5 ਲੱਖ 17 ਹਜ਼ਾਰ 550 ਬੂਟੇ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ’ਤੇ ਪੰਜਾਬ ਸਰਕਾਰ ਵੱਲੋਂ ਹਰੇਕ ਪੰਚਾਇਤ ਦੇ ਅਧਿਕਾਰੀ ਖੇਤਰ ਵਿੱਚ 550 ਬੂਟੇ ਲਗਾਉਣ ਦੀ ਯੋਜਨਾ ਉਲੀਕੀ ਹੈ। ਉਹਨਾਂ ਦੱਸਿਆ ਕਿ ਜ਼ਿਲ੍ਹੇ ਵਿੱਚ 941 ਪੰਚਾਇਤਾਂ ਹਨ ਅਤੇ ਹਰੇਕ ਪੰਚਾਇਤ ਅਧੀਨ ਆਉਂਦੇ ਖੇਤਰ ਵਿੱਚ 550 ਪੌਦੇ ਲਗਾਏ ਜਾਣਗੇ। ਉਹਨਾਂ ਜੰਗਲਾਤ, ਖੇਤੀਬਾੜੀ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਆਉਣ ਵਾਲੇ ਬਰਸਾਤਾਂ ਦੇ ਸੀਜ਼ਨ ਤੋਂ ਪਹਿਲਾਂ-ਪਹਿਲਾਂ ਢੁੱਕਵੀਆਂ ਖਾਲੀ ਥਾਵਾਂ ਦੀ ਪਛਾਣ ਕਰਨ ਅਤੇ ਸੰਭਾਵੀਂ ਥਾਵਾਂ ਤੇ ਟੋਏ ਆਦਿ ਪੁੱਟਣ ਦਾ ਕੰਮ ਆਰੰਭ ਕਰਵਾ ਦੇਣ ਅਤੇ ਇਸ ਕੰਮ ਲਈ ਮਨਰੇਗਾ ਵਰਕਰਾਂ ਤੋਂ ਕੰਮ ਲਿਆ ਜਾਵੇਗਾ। ਉਹਨਾਂ ਦੱਸਿਆ ਕਿ ਬਲਾਕ ਅਤੇ ਪਿੰਡ ਪੱਧਰ ’ਤੇ ਨੋਡਲ ਅਫਸਰ ਨਿਯੁਕਤ ਕੀਤੇ ਜਾਣਗੇ ਤਾਂ ਜੋ ਬੂਟੇ ਲਗਾਉਣ ਦੇ ਨਾਲ-ਨਾਲ ਸਾਂਭ-ਸੰਭਾਲ ਦਾ ਕੰਮ ਜਿੰਮੇਵਾਰ ਵਿਅਕਤੀਆਂ ਨੂੰ ਸੌਪਿਆ ਜਾ ਸਕੇ।

ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਾਤਾਵਰਣ ਅਤੇ ਅਵਾਜ਼ ਪ੍ਰਦੂਸ਼ਣ ਨੂੰ ਘੱਟ ਕਰਨ ਲਈ ਵਾਹਨਾਂ ਦੀ ਲਗਾਤਾਰ ਚੈਕਿੰਗ ਯਕੀਨੀ ਬਣਾਈ ਜਾਵੇ ਅਤੇ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਵਾਹਨਾਂ ਦੇ ਵੱਧ ਤੋਂ ਵੱਧ ਚਲਾਨ ਕੀਤੇ ਜਾਣ ਅਤੇ ਕੀਤੀ ਕਾਰਵਾਈ ਦੀ ਰਿਪੋਰਟ ਸਮੇਂ ਸਿਰ ਭੇਜੀ ਜਾਵੇ। ਉਹਨਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲ੍ਹਾ ਵਾਸੀਆਂ ਨੂੰ ਸ਼ੁੱਧ, ਮਿਆਰੀ ਤੇ ਮਿਲਾਵਟ ਰਹਿਤ ਖਾਧ ਪਦਾਰਥ ਮੁਹੱਈਆ ਕਰਵਾਉਣ ਹਿੱਤ ਹਲਵਾਈਆਂ, ਖਾਣ-ਪੀਣ ਦੀਆਂ ਦੁਕਾਨਾਂ ਅਤੇ ਹੋਰ ਘਰੇਲੂ ਵਰਤੋਂ ਵਿੱਚ ਆਉਣ ਵਾਲੀਆਂ ਵਸਤੂਆਂ ਤਿਆਰ ਕਰਨ ਵਾਲੇ ਅਦਾਰਿਆਂ ਦੀ ਚੈਕਿੰਗ ਕੀਤੀ ਜਾਵੇ ਅਤੇ ਸੈਂਪਲ ਭਰੇ ਜਾਣ।

ਡਿਪਟੀ ਕਮਿਸ਼ਨਰ ਨੇ ਪ੍ਰਦੂਸ਼ਣ ਕੰਟਰੋਲ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪ੍ਰਦੂਸ਼ਣ ਫੈਲਾਉਣ ਵਾਲੀਆਂ ਇਕਾਈਆਂ ਅਤੇ ਅਦਾਰਿਆਂ ਦੇ ਵੱਧ ਤੋਂ ਵੱਧ ਚਲਾਨ ਕਰਕੇ ਸਖ਼ਤ ਵਿਭਾਗੀ ਕਾਰਵਾਈ ਕੀਤੀ ਜਾਵੇ ਅਤੇ ਕੀਤੀ ਕਾਰਵਾਈ ਦੀ ਰਿਪੋਰਟ ਉਹਨਾਂ ਨੂੰ ਭੇਜਣੀ ਯਕੀਨੀ ਬਣਾਈ ਜਾਵੇ। ਉਹਨਾਂ ਲੋਕ ਨਿਰਮਾਣ ਵਿਭਾਗ ਨੂੰ ਆਦੇਸ਼ ਦਿੱਤੇ ਕਿ ਜ਼ਿਲ੍ਹੇ ਵਿੱਚ ਵੱਧ ਤੋਂ ਵੱਧ ਕੈਂਪ ਆਯੋਜਿਤ ਕੀਤੇ ਜਾਣ ਅਤੇ ਸਰਕਾਰ ਦੀਆਂ ਸਕੀਮਾਂ ਬਾਰੇ ਲੋਕਾਂ ਨੂੰ
ਜਾਣਕਾਰੀ ਦਿੱਤੀ ਜਾਵੇ। ਉਹਨਾਂ ਕਿਰਤ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਵੀ ਆਦੇਸ਼ ਦਿੱਤੇ ਕਿ ਉਸਾਰੀ ਕਿਰਤੀਆਂ ਦੀ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਕੀਤੀ ਜਾਵੇ ਅਤੇ ਇਸ ਦੀ ਰਿਪੋਰਟ ਹਰ ਹਫਤੇ ਭੇਜਣੀ ਯਕੀਨੀ ਬਣਾਈ ਜਾਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਸ਼ੇਨਾ ਅਗਰਵਾਲ ਵੀ ਹਾਜ਼ਰ ਸਨ।


LEAVE A REPLY