ਵਿਸ਼ਵ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਮਗਾ ਜਿੱਤਣ ਵਾਲੀ ਮੁੱਕੇਬਾਜ਼ ਸਿਮਰਨਜੀਤ ਕੌਰ ਦਾ ਲੁਧਿਆਣਾ ਪੁੱਜਣ ਤੇ ਹੋਇਆ ਭਰਵਾਂ ਸਵਾਗਤ


ਲੁਧਿਆਣਾ –ਨਵੀਂ ਦਿੱਲੀ ਵਿਖੇ ਖੇਡੀ ਗਈ ਆਈ.ਏ.ਬੀ.ਏ. ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿੱਚ ਭਾਰਤ ਤਰਫੋਂ ਕਾਂਸੀ ਦਾ ਤਮਗਾ ਜਿੱਤਣ ਵਾਲੀ ਪੰਜਾਬ ਦੀ ਮੁੱਕੇਬਾਜ਼ ਸਿਮਰਨਜੀਤ ਕੌਰ ਦਾ ਅੱਜ ਜ਼ਿਲ੍ਹਾ ਲੁਧਿਆਣਾ ਵਿੱਚ ਪੁੱਜਣ ’ਤੇ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਸਥਾਨਕ ਰੇਲਵੇ ਸਟੇਸ਼ਨ ’ਤੇ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਲੁਧਿਆਣਾ (ਪੱਛਮੀ) ਦੇ ਐੱਸ. ਡੀ. ਐੱਮ. ਸ੍ਰ. ਦਮਨਜੀਤ ਸਿੰਘ ਮਾਨ ਦੀ ਅਗਵਾਈ ਵਿੱਚ ਸ਼ਹਿਰ ਵਾਸੀਆਂ ਅਤੇ ਖ਼ਿਡਾਰੀਆਂ ਨੇ ਸਿਮਰਨਜੀਤ ਕੌਰ ਨੂੰ ਫੁੱਲ੍ਹਾਂ ਦੇ ਗੁੱਲਦਸਤੇ ਦੇ ਕੇ ਸਵਾਗਤ ਕੀਤਾ ਅਤੇ ਬਾਅਦ ਵਿੱਚ ਉਸਦਾ ਗੁਰੂ ਨਾਨਕ ਸਟੇਡੀਅਮ ਵਿਖੇ ਵਿਸ਼ੇਸ਼ ਸਨਮਾਨ ਕੀਤਾ ਗਿਆ।

ਸ੍ਰ. ਦਮਨਜੀਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਲਈ ਇਹ ਮਾਣ ਵਾਲੀ ਗੱਲ ਹੈ ਕਿ ਵਿਸ਼ਵ ਚੈਂਪੀਅਨਸ਼ਿਪ ਵਿੱਚ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਚਕਰ ਦੀ ਮੁੱਕੇਬਾਜ਼ ਸਿਮਰਨਜੀਤ ਕੌਰ ਨੇ 60-64 ਕਿਲੋਗ੍ਰਾਮ ਵਰਗ ਵਿੱਚ ਕਾਂਸੀ ਦਾ ਤਮਗਾ ਜਿੱਤਿਆ ਹੈ।ਉਹ ਪਹਿਲੀ ਪੰਜਾਬਣ ਮੁੱਕੇਬਾਜ਼ ਹੈ, ਜਿਸ ਨੇ ਕਿਸੇ ਵਿਸ਼ਵ ਚੈਂਪੀਅਨਸ਼ਿਪ ਵਿੱਚ ਕੋਈ ਤਮਗਾ ਜਿੱਤਿਆ ਹੋਵੇ।ਸ੍ਰ. ਮਾਨ ਨੇ ਕਿਹਾ ਕਿ ਸਿਮਰਨਜੀਤ ਦੀ ਇਸ ਮਾਣਮੱਤੀ ਪ੍ਰਾਪਤੀ ’ਤੇ ਨਾ ਸਿਰਫ ਪੰਜਾਬ ਬਲਕਿ ਪੂਰੇ ਦੇਸ਼ ਨੂੰ ਮਾਣ ਹੈ।ਉਨ੍ਹਾਂ ਸਿਮਰਨਜੀਤ ਦੇ ਮਾਪਿਆਂ ਤੇ ਕੋਚ ਨੂੰ ਵੀ ਵਧਾਈ ਦਿੰਦਿਆਂ ਇਸ ਪ੍ਰਾਪਤੀ ਦਾ ਸਿਹਰਾ ਉਨ੍ਹਾਂ ਸਿਰ ਬੰਨ੍ਹਿਆ।

ਉਨ੍ਹਾਂ ਨੇ ਦੱਸਿਆ ਕਿ ਇਹ ਮੁੱਕੇਬਾਜ਼ ਮੁਹਾਲੀ ਸਥਿਤ ਪੰਜਾਬ ਇੰਸਟੀਚਿਊਟ ਆਫ਼ ਸਪੋਰਟਸ ਵਿਖੇ ਸਿਖ਼ਲਾਈ ਲੈਂਦੀ ਹੈ।ਉਨ੍ਹਾਂ ਕਿਹਾ ਕਿ ਕਿਸੇ ਵੀ ਖੇਡ ਦੇ ਸਭ ਤੋਂ ਅਹਿਮ ਤੇ ਵੱਕਾਰੀ ਮੁਕਾਬਲੇ ਵਿਸ਼ਵ ਚੈਂਪੀਅਨਸ਼ਿਪ ਵਿੱਚ ਤਮਗਾ ਜਿੱਤਣਾ ਬਹੁਤ ਵੱਡੀ ਗੱਲ ਹੈ ਅਤੇ ਇਸ ਪਿੱਛੇ ਮੁੱਕੇਬਾਜ਼ ਦੀ ਸਖ਼ਤ ਮਿਹਨਤ ਅਤੇ ਵਰ੍ਹਿਆਂ ਦੀ ਘਾਲਣਾ ਹੈ।ਸ੍ਰ. ਮਾਨ ਨੇ ਸਿਮਰਨਜੀਤ ਕੌਰ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕਰਦਿਆਂ ਆਸ ਪ੍ਰਗਟਾਈ ਕਿ ਉਹ ਆਉਣ ਵਾਲੇ ਸਮੇਂ ਵਿੱਚ ਵੀ ਦੇਸ਼ ਦਾ ਨਾਮ ਰੌਸ਼ਨ ਕਰੇਗੀ।ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਸ੍ਰ. ਰਵਿੰਦਰ ਸਿੰਘ, ਸਹਾਇਕ ਸਿੱਖਿਆ ਅਫ਼ਸਰ ਸ੍ਰ. ਬਿਕਰਮਜੀਤ ਸਿੰਘ, ਸਿਮਰਨਜੀਤ ਕੌਰ ਦੇ ਪਰਿਵਾਰਕ ਮੈਂਬਰ, ਪਿੰਡ ਚਕਰ ਦੀ ਪੰਚਾਇਤ ਅਤੇ ਹੋਰ ਮੋਹਤਬਰ ਵਿਅਕਤੀ ਵੀ ਹਾਜ਼ਰ ਸਨ।

  • 175
    Shares

LEAVE A REPLY