ਸੀ. ਆਈ. ਐੱਸ. ਐੱਫ਼. ਨੂੰ ਛੇ ਕੇਂਦਰੀ ਜੇਲਾਂ ਦੀ ਸੁਰੱਖਿਆ ਦਾ ਜਿੰਮਾ ਇੱਕ ਹਫ਼ਤੇ ਵਿੱਚ – ਜੇਲ ਮੰਤਰੀ


ਪੰਜਾਬ ਦੇ ਜੇਲਾਂ ਅਤੇ ਸਹਿਕਾਰਤਾ ਵਿਭਾਗ ਦੇ ਕੈਬਨਿਟ ਮੰਤਰੀ ਸ੍ਰ. ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਸੂਬੇ ਦੀਆਂ ਛੇ ਕੇਂਦਰੀ ਜੇਲਾਂ ਦੀ ਅੰਦਰੂਨੀ ਸੁਰੱਖਿਆ ਦਾ ਜਿੰਮਾ ਇੱਕ ਹਫ਼ਤੇ ਵਿੱਚ ਸੀ. ਆਈ. ਐੱਸ. ਐੱਫ. (ਕੇਂਦਰੀ ਸੁਰੱਖਿਆ ਬਲ) ਨੂੰ ਸੌਂਪ ਦਿੱਤਾ ਜਾਵੇਗਾ। ਇਸ ਸੰਬੰਧੀ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਸੂਚਨਾ ਭੇਜੀ ਗਈ ਹੈ ਕਿ ਇੱਕ ਹਫ਼ਤੇ ਵਿੱਚ ਇਹ ਸੁਰੱਖਿਆ ਬਲ ਪੰਜਾਬ ਦੀਆਂ ਇਨਾਂ ਜੇਲਾਂ ਵਿੱਚ ਡਿਊਟੀ ਜੁਆਇੰਨ ਕਰ ਲੈਣਗੇ। ਅੱਜ ਪਿੰਡ ਰੱਬੋਂ ਉੱਚੀ ਵਿਖੇ ਅਜ਼ਾਦੀ ਸੰਗਰਾਮ ਦੇ ਪਹਿਲੇ ਸ਼ਹੀਦ ਬਾਬਾ ਮਹਾਰਾਜ ਸਿੰਘ ਦੇ 162ਵੇਂ ਸ਼ਹੀਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਵਿੱਚ ਸ਼ਿਰਕਤ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰ. ਰੰਧਾਵਾ ਨੇ ਕਿਹਾ ਕਿ ਇਨਾਂ ਜੇਲਾਂ ਵਿੱਚ ਘੋਰ ਖ਼ਤਰਨਾਕ ਅਪਰਾਧੀਆਂ ਅਤੇ ਗੈਂਗਸਟਰਾਂ ਨੂੰ ਰੱਖਿਆ ਹੋਇਆ ਹੈ, ਜਿਨਾਂ ਦੀ ਪੁਖ਼ਤਾ ਸੁਰੱਖਿਆ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨਾਂ ਸਪੱਸ਼ਟ ਕੀਤਾ ਕਿ ਜੇਲਾਂ ਦੀ ਬਾਹਰੀ ਸੁਰੱਖਿਆ ਪੰਜਾਬ ਪੁਲਿਸ ਦੇ ਹੱਥ ਹੀ ਰਹੇਗੀ। ਜੇਲਾਂ ਵਿੱਚ ਬੰਦ ਵਿਅਕਤੀਆਂ ਵਿੱਚ ਫੈਲੇ ਨਸ਼ੇ ਬਾਰੇ ਪੁੱਛੇ ਜਾਣ ‘ਤੇ ਉਨਾਂ ਦੱਸਿਆ ਕਿ ਕੈਦੀਆਂ ਨੂੰ ਨਸ਼ੇ ਦੀ ਆਦਤ ਤੋਂ ਮੁਕਤ ਕਰਾਉਣ ਲਈ ਜੇਲਾਂ ਵਿੱਚ ਵਧੇਰੇ ਮਨੋਵਿਗਿਆਨੀਆਂ ਦੀ ਡਿਊਟੀ ਸਮੇਤ ਯੋਗਾ ਕਲਾਸਾਂ ਦਾ ਵਾਧਾ ਕੀਤਾ ਜਾ ਰਿਹਾ ਹੈ ਤਾਂ ਜੋ ਕੈਦੀਆਂ ਨੂੰ ਨਸ਼ੇ ਨਾਲੋਂ ਤੋੜ ਕੇ ਤੰਦਰੁਸਤ ਜੀਵਨ ਵੱਲ ਮੋੜਿਆ ਜਾ ਸਕੇ।

ਪੱਤਰਕਾਰਾਂ ਵੱਲੋਂ ਪੁੱਛੇ ਜਾਣ ‘ਤੇ ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ, ਜਨ ਜਾਤੀਆਂ ਅਤੇ ਘੱਟ ਗਿਣਤੀਆਂ ਨਾਲ ਸੰਬੰਧਤ 2.5 ਲੱਖ ਬੇਜ਼ਮੀਨੇ ਪਰਿਵਾਰਾਂ ਨੂੰ ਕਰਜ਼ਾ ਰਾਹਤ ਯੋਜਨਾ ਅਧੀਨ ਲਾਭ ਦੇਣ ਦਾ ਪ੍ਰਸਤਾਵ ਹੈ। ਅਜਿਹੇ ਪਰਿਵਾਰ ਜੋ ਸਹਿਕਾਰੀ ਸਭਾਵਾਂ ਦੇ ਮੈਂਬਰ ਹਨ, ਨੂੰ 25 ਹਜ਼ਾਰ ਰੁਪਏ ਤੱਕ ਦੀ ਕਰਜ਼ਾ ਰਾਹਤ ਦਿੱਤੀ ਜਾਵੇਗੀ। ਇਸ ਸੰਬੰਧੀ ਪ੍ਰਸਤਾਵ ਮੁੱਖ ਮੰਤਰੀ ਨੂੰ ਭੇਜਿਆ ਜਾਵੇਗਾ।ਉਨਾਂ ਸੂਬੇ ਦੇ ਲੋਕਾਂ ਖਾਸ ਕਰਕੇ ਔਰਤਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਦੀ ਸਮਾਜਿਕ ਬੁਰਾਈ ਨੂੰ ਜੜੋਂ ਖ਼ਤਮ ਕਰਨ ਲਈ ਅੱਗੇ ਆਉਣ ਅਤੇ ਪੰਜਾਬ ਸਰਕਾਰ ਦਾ ਸਹਿਯੋਗ ਕਰਨ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ੇ ਦੇ ਕਾਰੋਬਾਰ ਵਿੱਚ ਲੱਗੇ ਲੋਕਾਂ ਬਾਰੇ ਗੁਪਤ ਸੂਚਨਾ ਪ੍ਰਸਾਸ਼ਨ ਨੂੰ ਦੇਣ। ਇਸ ਤੋਂ ਪਹਿਲਾਂ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰ. ਰੰਧਾਵਾ ਨੇ ਕਿਹਾ ਕਿ ਦੇਸ਼ ਦੀ ਏਕਤਾ ਅਤੇ ਆਖੰਡਤਾ ਨੂੰ ਬਣਾਈ ਰੱਖਣ ਲਈ ਅੱਜ ਸਮੇਂ ਦੀ ਲੋੜ ਹੈ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਵਡਮੁੱਲਾ ਯੋਗਦਾਨ ਪਾ ਕੇ ਪਹਿਲੇ ਸਿੱਖ ਸ਼ਹੀਦ ਦਾ ਰੁਤਬਾ ਹਾਸਿਲ ਕਰਨ ਵਾਲੇ ਭਾਈ ਮਹਾਰਾਜ ਸਿੰਘ ਜੀ ਵੱਲੋਂ ਦਰਸਾਏ ਰਸਤੇ ‘ਤੇ ਚੱਲਿਆ ਜਾਵੇ। ਉਨਾਂ ਕਿਹਾ ਕਿ ਆਜ਼ਾਦੀ ਪ੍ਰਾਪਤ ਕਰਨੀ ਸੌਖੀ ਹੈ ਪਰ ਇਸ ਨੂੰ ਬਰਕਰਾਰ ਰੱਖਣਾ ਬਹੁਤ ਔਖਾ ਹੈ। ਬਾਬਾ ਮਹਾਰਾਜ ਸਿੰਘ ਵਰਗੀਆਂ ਦੇਸ਼ ਭਗਤ ਸਖ਼ਸ਼ੀਅਤਾਂ ਨੇ ਦੇਸ਼ ਨੂੰ ਆਜ਼ਾਦ ਕਰਾਉਣ ਲਈ ਸੰਘਰਸ਼ ਕੀਤਾ ਅਤੇ ਆਪਣੇ ਪ੍ਰਾਣ ਨਿਛਾਵਰ ਕਰ ਦਿੱਤੇ।

ਉਨਾਂ ਕਿਹਾ ਕਿ ਇਹ ਸਿੱਖ ਕੌਮ ਅਤੇ ਦੇਸ਼ ਦੀ ਬਦਕਿਸਮਤੀ ਹੀ ਸੀ ਕਿ ਬਾਬਾ ਮਹਾਰਾਜ ਸਿੰਘ ਵੱਲੋਂ ਆਪਣੇ ਸਾਥੀਆਂ ਨਾਲ ਮਿਲ ਕੇ ਬਣਾਈ ਗਈ ਯੋਜਨਾ ਦਾ ਅੰਗਰੇਜ ਹਕੂਮਤ ਨੂੰ ਪਤਾ ਲੱਗ ਗਿਆ ਅਤੇ ਉਨਾਂ ਨੇ ਬਾਬਾ ਮਹਾਰਾਜ ਸਿੰਘ ਜੀ ਨੂੰ ਕੈਦ ਕਰਕੇ ਸਿੰਘਾਪੁਰ ਭੇਜ ਦਿੱਤਾ ਅਤੇ ਲੱਖਾਂ ਤਸੀਹੇ ਦਿੱਤੇ, ਜਿਸ ਦੇ ਨਤੀਜੇ ਵਜੋਂ ਉਨਾਂ ਦੀ 5 ਜੁਲਾਈ, 1856 ਨੂੰ ਉਥੇ ਹੀ ਸ਼ਹੀਦੀ ਹੋ ਗਈ। ਬਾਬਾ ਮਹਾਰਾਜ ਸਿੰਘ ਨੇ ਆਪਣੇ ਜੀਵਨ ਦੌਰਾਨ ਅੰਗਰੇਜ਼ਾਂ ਵਿਰੁਧ ਵੱਖ-ਵੱਖ ਧਿਰਾਂ ਨੂੰ ਇਕੱਠਿਆਂ ਕਰਨ ‘ਤੇ ਬਹੁਤ ਜ਼ੋਰ ਲਗਾਇਆ। ਉਨਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਗੌਰਵਮਈ ਇਤਿਹਾਸ ਨੂੰ ਸਾਂਭਣ ਲਈ ਦ੍ਰਿੜ ਸੰਕਲਪ ਹੈ ਅਤੇ ਇਸੇ ਕਰਕੇ ਹੀ ਉਨਾਂ ਬਾਬਾ ਮਹਾਰਾਜ ਸਿੰਘ ਜੀ ਦੇ ਨਾਮ ‘ਤੇ ਸਥਾਪਤ ਗੁਰਦੁਆਰਾ ਦਮਦਮਾ ਸਾਹਿਬ ਦੇ ਹਾਲ ਦਾ ਕੰਮ ਮੁਕੰਮਲ ਕਰਨ ਲਈ ਪ੍ਰਬੰਧਕ ਕਮੇਟੀ ਨੂੰ 5 ਲੱਖ ਰੁਪਏ, ਸਰਕਾਰੀ ਹਾਈ ਸਕੂਲ ਵਿਖੇ ਪਖ਼ਾਨਿਆਂ ਲਈ 2 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਅਤੇ ਪਿੰਡ ਚੋਮੋਂ ਤੋਂ ਲੈ ਕੇ ਵਾਇਆ ਪਿੰਡ ਰੱਬੋਂ ਤੋਂ 66 ਕੂਕਿਆਂ ਦੇ ਸ਼ਹੀਦੀ ਸਥਾਨ ਨੂੰ ਮਿਲਾਉਂਦੀ ਸੜਕ ਨੂੰ ਚੌੜਾ ਕਰਨ ਬਾਰੇ ਲੋਕ ਨਿਰਮਾਣ ਮੰਤਰੀ ਨਾਲ ਗੱਲ ਕਰਨ ਦਾ ਭਰੋਸਾ ਦਿੱਤਾ। ਉਨਾਂ ਕਿਹਾ ਕਿ ਪਿੰਡ ਰੱਬੋਂ ਉੱਚੀ ਵਿਖੇ ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਨੂੰ ਦੂਰ ਕਰਨ ਲਈ ਸੀਵਰੇਜ ਪਾਇਆ ਜਾਵੇਗਾ। ਇਸ ਤੋਂ ਪਹਿਲਾਂ ਉਨਾਂ ਬਾਬਾ ਮਹਾਰਾਜ ਸਿੰਘ ਜੀ ਦੀ ਤਸਵੀਰ ‘ਤੇ ਫੁੱਲ ਅਰਪਿਤ ਕਰਕੇ ਸ਼ਰਧਾਂਜਲੀ ਭੇਟ ਕੀਤੀ।

ਸਮਾਗਮ ਨੂੰ ਸੰਬੋਧਨ ਕਰਦਿਆਂ ਹਲਕਾ ਪਾਇਲ ਦੇ ਵਿਧਾਇਕ ਸ੍ਰ. ਲਖਬੀਰ ਸਿੰਘ ਲੱਖਾ ਨੇ ਪਿੰਡ ਰੱਬੋਂ ਉੱਚੀ ਅਤੇ ਇਲਾਕੇ ਦੀਆਂ ਮੰਗਾਂ ਤੋਂ ਜਾਣੂ ਕਰਵਾਇਆ ਅਤੇ ਮੰਗ ਕੀਤੀ ਕਿ ਹਲਕੇ ਦੇ ਵਿਕਾਸ ਲਈ ਇਹਨਾਂ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਜਾਵੇ। ਇਸ ਮੌਕੇ ਵੱਖ-ਵੱਖ ਰਾਗੀ, ਢਾਡੀ ਅਤੇ ਕਵੀਸ਼ਰੀ ਜੱਥਿਆਂ ਵੱਲੋਂ ਧਾਰਮਿਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਸਮਾਗਮ ਨੂੰ ਹੋਰਨਾਂ ਤੋਂ ਇਲਾਵਾ ਸਮਰਾਲਾ ਦੇ ਵਿਧਾਇਕ ਸ੍ਰ. ਅਮਰੀਕ ਸਿੰਘ ਢਿੱਲੋਂ, ਸਾਬਕਾ ਮੰਤਰੀ ਸ੍ਰ. ਤੇਜ ਪ੍ਰਕਾਸ਼ ਸਿੰਘ ਕੋਟਲੀ ਤੇ ਸ੍ਰ. ਮਲਕੀਅਤ ਸਿੰਘ ਦਾਖਾ ਅਤੇ ਹੋਰਾਂ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡੀ. ਆਈ. ਜੀ. ਸ੍ਰ. ਰਣਬੀਰ ਸਿੰਘ ਖੱਟੜਾ, ਜ਼ਿਲਾ ਪੁਲਿਸ ਮੁੱਖੀ ਖੰਨਾ ਸ੍ਰ. ਨਵਜੋਤ ਸਿੰਘ ਮਾਹਲ, ਵਧੀਕ ਡਿਪਟੀ ਕਮਿਸ਼ਨਰ ਖੰਨਾ ਸ੍ਰੀ ਅਜੇ ਸੂਦ, ਐੱਸ. ਡੀ. ਐੱਮ. ਪਾਇਲ ਸ੍ਰੀਮਤੀ ਸਵਾਤੀ ਟਿਵਾਣਾ, ਕਾਂਗਰਸ ਪਾਰਟੀ ਦੇ ਜ਼ਿਲਾ ਪ੍ਰਧਾਨ ਸ੍ਰ. ਗੁਰਦੇਵ ਸਿੰਘ ਲਾਂਪਰਾਂ, ਸ੍ਰ. ਮਨਜੀਤ ਸਿੰਘ ਹੰਬੜਾਂ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨੁਮਾਇੰਦਿਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਸੀ।

  • 1
    Share

LEAVE A REPLY