ਲੁਧਿਆਣਾ ਸਮੂਹਿਕ ਜਬਰ ਜਨਾਹ ਦੇ ਦੋਸ਼ੀ ਕਿਸੇ ਵੀ ਹੀਲੇ ਬਖ਼ਸ਼ੇ ਨਹੀਂ ਜਾਣਗੇ-ਰਵਨੀਤ ਸਿੰਘ ਬਿੱਟੂ


ਲੁਧਿਆਣਾ ਵਿਖੇ ਵਾਪਰੀ ਸਮੂਹਿਕ ਜਬਰ ਜਨਾਹ ਦੀ ਘਟਨਾ ਨੂੰ ਗੰਭੀਰਤਾ ਨਾਲ ਲੈਂਦਿਆਂ ਲੋਕ ਸਭਾ ਮੈਂਬਰ ਸ੍ਰ. ਰਵਨੀਤ ਸਿੰਘ ਬਿੱਟੂ ਨੇ ਕਿਹਾ ਹੈ ਕਿ ਇਸ ਘਟਨਾ ਦੇ ਦੋਸ਼ੀ ਕਿਸੇ ਵੀ ਹੀਲੇ ਬਖ਼ਸ਼ੇ ਨਹੀਂ ਜਾਣਗੇ। ਉਨਾਂ ਕਿਹਾ ਕਿ ਉਹ ਇਸ ਸੰਬੰਧੀ ਮਾਮਲੇ ਦੀ ਜਾਂਚ ਕਰ ਰਹੇ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਸੰਪਰਕ ਵਿੱਚ ਹਨ।

ਆਪਣਾ ਬਿਆਨ ਜਾਰੀ ਕਰਦਿਆਂ ਸ੍ਰ. ਬਿੱਟੂ ਨੇ ਕਿਹਾ ਕਿ ਇਹ ਸਮੂਹਿਕ ਜਬਰ ਜਨਾਹ ਦੀ ਘਟਨਾ ਮਨੁੱਖਤਾ ਲਈ ਸਭ ਤੋਂ ਘਿਨਾਉਣੀ ਹਰਕਤ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਹ ਕੋਸ਼ਿਸ਼ ਕੀਤੀ ਜਾਵੇਗੀ ਕਿ ਦੋਸ਼ੀਆਂ ਦੀ ਸ਼ਨਾਖ਼ਤ ਕਰਕੇ ਉਨਾਂ ਨੂੰ ਜਲਦ ਤੋਂ ਜਲਦ ਸਲਾਖ਼ਾਂ ਪਿੱਛੇ ਭੇਜਿਆ ਜਾਵੇ ਅਤੇ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਈ ਜਾ ਸਕੇ।

ਉਨਾਂ ਕਿਹਾ ਕਿ ਪੀੜਤਾਂ ਅਤੇ ਉਸਦੇ ਪਰਿਵਾਰ ਨੂੰ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ। ਉਨਾਂ ਮੁੜ ਭਰੋਸਾ ਦਿਵਾਇਆ ਕਿ ਦੋਸ਼ੀਆਂ ਨੂੰ ਜਲਦ ਹੀ ਕਾਬੂ ਕਰਕੇ ਜੇਲ ਭੇਜਿਆ ਜਾਵੇਗਾ।


LEAVE A REPLY