ਮਿਸ਼ਨ ਤੰਦਰੁਸਤ ਪੰਜਾਬ- ਡੇਅਰੀ ਵਿਭਾਗ ਵੱਲੋਂ ਲੋਕਾਂ ਨੂੰ ਕੀਤਾ ਜਾ ਰਿਹੈ ਦੁੱਧ ਅਤੇ ਦੁੱਧ ਪਦਾਰਥਾਂ ਸਬੰਧੀ ਜਾਗਰੂਕ


ਸਿੱਧਵਾਂ ਬੇਟ – ਅਜੋਕੇ ਸਮੇਂ ਵਿੱਚ ਵੀ ਲੋਕਾਂ ਨੂੰ ਦੁੱਧ ਦੀ ਬਣਤਰ ਅਤੇ ਦੁੱਧ ਤੇ ਦੁੱਧ ਪਦਾਰਥਾਂ ਦੀ ਖੁਰਾਕੀ ਮਹੱਤਤਾ ਬਾਰੇ ਵਧੇਰੇ ਜਾਣਕਾਰੀ ਨਹੀਂ ਹੈ। ਇਹਨਾਂ ਨੂੰ ਇਸ ਸਬੰਧੀ ਜਾਗਰੂਕ ਕਰਨ ਦੀ ਲੋੜ ਨੂੰ ਦੇਖਦੇ ਹੋਏ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਥਾਂ-ਥਾਂ ਕੈਂਪ ਲਗਾ ਕੇ ਦੁੱਧ ਅਤੇ ਦੁੱਧ ਪਦਾਰਥਾਂ ਦੀ ਮਹੱਤਤਾ ਅਤੇ ਵਰਤੋਂ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਇਹ ਕੈਂਪ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਲਗਾਏ ਜਾ ਰਹੇ ਹਨ। ਮਿਸ਼ਨ ਦੇ ਸ਼ੁਰੂ ਹੋਣ ਤੋਂ ਵਿਭਾਗ ਵੱਲੋਂ ਜ਼ਿਲਾ ਲੁਧਿਆਣਾ ਵਿੱਚ 20 ਤੋਂ ਵਧੇਰੇ ਕੈਂਪ ਲਗਾ ਕੇ ਜਿੱਥੇ ਮੌਕੇ ‘ਤੇ ਦੁੱਧ ਦੇ ਟੈਸਟ ਕੀਤੇ ਗਏ, ਉਥੇ ਹੀ ਲੋਕਾਂ ਵਿੱਚ ਜਾਗਰੂਕਤਾ ਵੀ ਫੈਲਾਈ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਸ੍ਰ. ਦਿਲਬਾਗ ਸਿੰਘ ਹਾਂਸ ਨੇ ਦੱਸਿਆ ਕਿ ਵਿਭਾਗ ਵੱਲੋਂ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਰੋਜ਼ਾਨਾ ਹੀ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। ਜਿਨਾਂ ਵਿੱਚ ਆਮ ਲੋਕਾਂ ਅਤੇ ਦੁੱਧ ਉਤਪਾਦਕਾਂ ਵੱਲੋਂ ਬੜੇ ਉਤਸ਼ਾਹ ਨਾਲ ਭਾਗ ਲਿਆ ਜਾ ਰਿਹਾ ਹੈ। ਇਸੇ ਤਰਾਂ ਵਿਭਾਗ ਵੱਲੋਂ ਵੱਖ-ਵੱਖ ਸਕੂਲਾਂ ਵਿੱਚ ਜਾ ਕੇ ਵੀ ਵਿਦਿਆਰਥੀਆਂ ਨੂੰ ਦੁੱਧ ਦੀ ਪਰਖ ਸੰਬੰਧੀ ਜਾਣਕਾਰੀ ਦਿੱਤੀ ਜਾਂਦੀ ਹੈ।

ਵਿਭਾਗ ਵੱਲੋਂ ਲਗਾਏ ਜਾਂਦੇ ਕੈਂਪਾਂ ਅਤੇ ਸੈਮੀਨਾਰਾਂ ਦੌਰਾਨ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਈਸਿੰਜ ਯੂਨੀਵਰਸਿਟੀ, ਲੁਧਿਆਣਾ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਵਿਸ਼ਾ ਮਾਹਿਰਾਂ ਵਲੋਂ ਦੁੱਧ ਅਤੇ ਦੁੱਧ ਪਦਾਰਥਾਂ ਸਬੰਧੀ ਵੱਖ-ਵੱਖ ਵਿਸ਼ਿਆਂ ‘ਤੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾਂਦੀ ਹੈ। ਜਿਸ ਵਿੱਚ ਦੁੱਧ ਪਰਖ ਕੈਂਪਾਂ, ਫੂਡ ਸੇਫਟੀ ਐਕਟ, ਦੁੱਧ ਦੇ ਮਿਆਰ ਅਤੇ ਡੇਅਰੀ ਫਾਰਮਿੰਗ ਦੇ ਧੰਦੇ ਲਈ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਲੋਕਾਂ ਨੂੰ ਦੱਸਿਆ ਜਾਂਦਾ ਹੈ। ਸ੍ਰ. ਹਾਂਸ ਨੇ ਕਿਹਾ ਕਿ ਡੇਅਰੀ ਵਿਭਾਗ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜ਼ਿਲਾ ਲੁਧਿਆਣਾ ਵਿੱਚ ਲੋਕਾਂ ਨੂੰ ਦੁੱਧ ਦੀ ਪਰਖ਼, ਸਾਫ਼ ਦੁੱਧ ਮੁਹੱਈਆ ਕਰਾਉਣ ਅਤੇ ਇਸਦੇ ਫਾਇਦੇ ਨੁਕਸਾਨਾਂ ਬਾਰੇ ਜਾਗਰੂਕ ਕਰਨ ਲਈ ਦ੍ਰਿੜ ਸੰਕਲਪ ਹੈ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨਾਂ ਨੂੰ ਲੱਗਦਾ ਹੈ ਕਿ ਕਿਸੇ ਵੀ ਜਗਾ ਦੁੱਧ ਜਾਂ ਦੁੱਧ ਪਦਾਰਥਾਂ ਵਿੱਚ ਕਿਸੇ ਤਰਾਂ ਦੀ ਮਿਲਾਵਟ ਹੋ ਰਹੀ ਹੈ ਤਾਂ ਉਹ ਤੁਰੰਤ ਉਨਾਂ ਦੇ ਧਿਆਨ ਵਿੱਚ ਲਿਆ ਸਕਦੇ ਹਨ।

  • 7
    Shares

LEAVE A REPLY