ਨਗਰ ਨਿਗਮ ਲੁਧਿਆਣਾ ਵੱਲੋਂ 6 ਮਹੀਨੇ ਵਿੱਚ 600 ਕਰੋੜ ਰੁਪਏ ਦੇ ਵਿਕਾਸ ਕਾਰਜ ਕੀਤੇ ਜਾਣਗੇ – ਰਵਨੀਤ ਸਿੰਘ ਬਿੱਟੂ


ਲੁਧਿਆਣਾ – ਲੋਕ ਸਭਾ ਮੈਂਬਰ ਸ੍ਰ. ਰਵਨੀਤ ਸਿੰਘ ਬਿੱਟੂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਆਰਥਿਕ ਪੱਖੋਂ ਪੈਰਾਂ ਸਿਰ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਜਿਸ ਦੇ ਨਤੀਜੇ ਵਜੋਂ ਨਗਰ ਨਿਗਮ ਲੁਧਿਆਣਾ ਵਿੱਚ ਅਗਲੇ 6 ਮਹੀਨੇ ਦੌਰਾਨ ਕਰੀਬ 600 ਕਰੋੜ ਰੁਪਏ ਦੇ ਵਿਕਾਸ ਕਾਰਜ ਕਰਵਾਏ ਜਾਣਗੇ। ਵਿਕਾਸ ਕਾਰਜਾਂ ਨੂੰ ਸੁਚਾਰੂ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਬਕਾਇਦਾ ਯੋਜਨਾਬੰਦੀ ਕੀਤੀ ਜਾ ਰਹੀ ਹੈ। ਅੱਜ ਸਥਾਨਿਕ ਸ਼ਹੀਦ ਭਗਤ ਸਿੰਘ ਨਗਰ ਵਿਖੇ ਅੰਦਰੂਨੀ ਸੜਕਾਂ ਦੀ ਮੁਰੰਮਤ ਦੇ ਕੰਮ ਨੂੰ ਸ਼ੁਰੂ ਕਰਵਾਉਂਦਿਆਂ ਸ੍ਰ. ਰਵਨੀਤ ਸਿੰਘ ਬਿੱਟੂ ਨੇ ਦੱਸਿਆ ਕਿ ਇਨ੍ਹਾਂ ਸੜਕਾਂ ਦੀ ਮੁਰੰਮਤ ‘ਤੇ ਕਰੀਬ 2 ਕਰੋੜ 12 ਲੱਖ ਰੁਪਏ ਖਰਚੇ ਜਾਣਗੇ। ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਆਰਥਿਕ ਪੱਖੋਂ ਪੈਰ੍ਹਾਂ ਸਿਰ ਖੜ੍ਹਾ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਸ਼ਹਿਰ ਦੇ ਵਿਕਾਸ ਨੂੰ ਜਾਰੀ ਰੱਖਣ ਲਈ ਬਕਾਇਦਾ ਯੋਜਨਾਬੰਦੀ ਕੀਤੀ ਜਾ ਰਹੀ ਹੈ। ਸ੍ਰ. ਬਿੱਟੂ ਨੇ ਕਿਹਾ ਕਿ ਨਗਰ ਨਿਗਮ ਲੁਧਿਆਣਾ ਵੱਲੋਂ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਅੱਗੇ ਲਿਜਾਣ ਲਈ ਆਰਥਿਕ ਵਸੀਲੇ ਜੁਟਾ ਲਏ ਗਏ ਹਨ ਜਿਸ ਦੇ ਨਤੀਜੇ ਵਜੋਂ ਅਗਲੇ 6 ਮਹੀਨੇ ਦੌਰਾਨ ਸ਼ਹਿਰ ਵਿੱਚ ਕਰੀਬ 600 ਕਰੋੜ ਰੁਪਏ ਦੇ ਵਿਕਾਸ ਕਾਰਜ ਕਰਵਾਏ ਜਾਣਗੇ ਜਿਸ ਨਾਲ ਸ਼ਹਿਰ ਦੇ ਵਿਕਾਸ ਨੂੰ ਨਵੀਂ ਦਿਸ਼ਾ ਮਿਲੇਗੀ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰ. ਬਿੱਟੂ ਨੇ ਕਿਹਾ ਕਿ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਵਾਲਾ ਮਾਮਲਾ ਹੁਣ ਖਤਮ ਹੋ ਚੁੱਕਾ ਹੈ ਇਸ ਸਬੰਧੀ ਵਿਰੋਧੀ ਪਾਰਟੀਆਂ ਵੱਲੋਂ ਗੰਦੀ ਰਾਜਨੀਤੀ ਖੇਡੀ ਜਾ ਰਹੀ ਹੈ। ਉਨ੍ਹਾਂ ਵਿਰੋਧੀ ਪਾਰਟੀਆਂ ਨੂੰ ਕਿਹਾ ਕਿ ਉਹ ਦੁੱਖਦਾਈ ਅੰਮ੍ਰਿਤਸਰ ਰੇਲ ਘਟਨਾ ‘ਤੇ ਵੀ ਰਾਜਨੀਤੀ ਕਰਨ ਤੋਂ ਬਾਜ ਆਉਣ। ਸਕੂਲੀ ਕਿਤਾਬਾਂ ਦੇ ਸਿਲੇਬਸ ਨੂੰ ਲੈ ਕੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਧਰਨਾ ਦਿੱਤੇ ਜਾਣ ਬਾਰੇ ਪੁੱਛੇ ਜਾਣ ‘ਤੇ ਸ੍ਰ. ਬਿੱਟੂ ਨੇ ਕਿਹਾ ਕਿ ਸੁਖਬੀਰ ਬਾਦਲ ਅਤੇ ਉਨ੍ਹਾਂ ਦੀ ਪਾਰਟੀ ਕੋਲ ਨੈਤਿਕ ਤੌਰ ‘ਤੇ ਅਜਿਹੇ ਧਰਨੇ ਲਾਉਣ ਦਾ ਕੋਈ ਹੱਕ ਨਹੀਂ ਕਿਉਂਕਿ ਉਨ੍ਹਾਂ ਦੇ ਕਾਰਜਕਾਲ ਦੌਰਾਨ ਲਏ ਗਏ ਲੋਕ ਵਿਰੋਧੀ ਫੈਸਲਿਆਂ ਅਤੇ ਕੰਮਾਂ ਕਾਰਨ ਦੁਖੀ ਹੋਏ ਲੋਕ ਹੁਣ ਤੱਕ ਉਨ੍ਹਾਂ ਖਿਲਾਫ ਧਰਨੇ ਲਾ ਰਹੇ ਹਨ।

ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਪੁੱਜੇ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਕੈਬਨਿਟ ਮੰਤਰੀ ਸ਼੍ਰੀ ਭਾਰਤ ਭੂਸ਼ਣ ਆਸ਼ੂ ਨੈ ਕਿਹਾ ਕਿ ਪਿਛਲੀ ਸਰਕਾਰ ਨੇ ਸ਼ਹਿਰ ਲੁਧਿਆਣਾ ਅਤੇ ਸੂਬੇ ਦੇ ਵਿਕਾਸ ਕਾਰਜਾਂ ਨੂੰ ਪੂਰੀ ਤਰ੍ਹਾਂ ਅੱਖੋਂ-ਪਰੋਖੇ ਕੀਤਾ ਜਿਸ ਕਾਰਨ ਸ਼ਹਿਰ ਅਤੇ ਸੂਬਾ ਸਾਫ ਅਤੇ ਵਿਕਾਸ ਪੱਖੋਂ ਲਗਾਤਾਰ ਪਛੜ ਗਏ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਨਗਰ ਦੀ ਇਹ ਤ੍ਰਾਸਦੀ ਰਹੀ ਕਿ ਇਸ ਦੀਆਂ ਅੰਦਰੂਨੀ ਸੜਕਾਂ ਦੀ ਮੁਰੰਮਤ ਵੱਲ ਪਿਛਲੇ 12 ਸਾਲ ਤੋਂ ਕਿਸੇ ਨੇ ਵੀ ਧਿਆਨ ਨਹੀਂ ਦਿੱਤਾ। ਇਸ ਖੇਤਰ ਦੀਆਂ ਕਈ ਸੜਕਾਂ ਤਾਂ ਪਿਛਲੇ 20 ਸਾਲ ਤੋਂ ਮੁਰੰਮਤ ਲਈ ਤਰਸ ਰਹੀਆਂ ਸਨ ਹੁਣ ਇਹ ਸੜਕਾਂ ਦਾ ਕੰਮ ਸ਼ੁਰੂ ਹੋਣ ਨਾਲ ਸਥਾਨਕ ਵਾਸੀਆਂ ਦੀ ਲੰਮੇ ਸਮੇਂ ਦੀ ਮੰਗ ਪੂਰੀ ਹੋਈ ਹੈ। ਪੱਤਰਕਾਰਾਂ ਵੱਲੋਂ ਪੁੱਛੇ ਜਾਣ ‘ਤੇ ਉਨ੍ਹਾਂ ਸਪੱਸ਼ਟ ਕੀਤਾ ਕਿ ਉਨ੍ਹਾਂ ਦੇ ਵਿਭਾਗ ਵਿੱਚ ਕਿਸੇ ਵੀ ਪੱਧਰ ‘ਤੇ ਭ੍ਰਿਸ਼ਟਾਚਾਰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਕੋਲ ਵਾਜਬ ਕੰਮਾਂ ਨੂੰ ਨੇਪਰੇ ਚਾੜ੍ਹਨ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਨਗਰ ਦੀਆਂ ਸੜਕਾਂ ਨਗਰ ਸੁਧਾਰ ਟਰੱਸਟ ਲੁਧਿਆਣਾ ਵੱਲੋਂ ਬਣਾਈਆਂ ਜਾ ਰਹੀਆਂ ਹਨ। ਸੜਕ ਬਣਾਉਣ ਲਈ ਗੁਣਵੱਤਾ ਦਾ ਪੂਰਨ ਤੌਰ ‘ਤੇ ਖਿਆਲ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਨਵੀਆਂ ਸਟਰੀਟ ਲਾਈਟਾਂ ਲਾਉਣ ਅਤੇ ਪੁਰਾਣੀਆਂ ਦੀ ਮੁਰੰਮਤ ਕਰਨ ਦਾ ਕੰਮ ਵੀ ਜਲਦ ਹੀ ਸ਼ੁਰੂ ਕੀਤਾ ਜਾ ਰਿਹਾ ਹੈ।

ਇਸ ਮੌਕੇ ਸ੍ਰ. ਬਿੱਟੂ ਅਤੇ ਸ਼੍ਰੀ ਆਸ਼ੂ ਨੇ ਟੱਕ ਲਗਾ ਕੇ ਸੜਕ ਦੀ ਮੁਰੰਮਤ ਦਾ ਕੰਮ ਸ਼ੁਰੂ ਕਰਵਾਇਆ। ਇਸ ਮੌਕੇ ਸ਼੍ਰੀ ਨਰੇਸ਼ ਧੀਂਗਾਨ, ਸ਼੍ਰੀ ਈਸ਼ਵਰ ਜੋਤ ਸਿੰਘ ਚੀਮਾ, ਸ਼੍ਰੀ ਪਰਦੀਪ ਢੱਲ, ਸ੍ਰ. ਹਰਜਿੰਦਰ ਸਿੰਘ ਢੀਂਡਸਾ, ਸ੍ਰ. ਇੰਦਰਜੀਤ ਸਿੰਘ ਅਤੇ ਵੱਡੀ ਗਿਣਤੀ ਵਿੱਚ ਸਥਾਨਕ ਲੋਕ ਹਾਜ਼ਰ ਸਨ।


LEAVE A REPLY