ਨਵੇਂ ਚੁਣੇ ਪੰਚਾਂ ਤੇ ਸਰਪੰਚਾਂ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਦਾ ਸਹੁੰ ਚੁੱਕ ਸਮਾਗਮ 11 ਨੂੰ, ਪਿੰਡ ਕਿਲ੍ਹਾ ਰਾਏਪੁਰ ਦੇ ਖੇਡ ਸਟੇਡੀਅਮ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ


ਲੁਧਿਆਣਾ – ਨਵੇਂ ਚੁਣੇ ਗਏ ਪੰਚਾਂ/ਸਰਪੰਚਾਂ, ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਨੂੰ ਸਹੁੰ ਚੁਕਾਉਣ ਲਈ ਜ਼ਿਲ੍ਹਾ ਪੱਧਰੀ ਸਮਾਗਮ ਮਿਤੀ 11 ਜਨਵਰੀ ਦਿਨ ਸ਼ੁੱਕਰਵਾਰ ਪਿੰਡ ਕਿਲ੍ਹਾ ਰਾਏਪੁਰ ਦੇ ਖੇਡ ਸਟੇਡੀਅਮ ਵਿੱਚ ਆਯੋਜਿਤ ਕੀਤਾ ਜਾ ਰਿਹਾ ਹੈ। ਜਿਸ ਵਿੱਚ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਕੈਬਨਿਟ ਮੰਤਰੀ ਸ੍ਰ. ਤਿ੍ਰਪਤ ਰਾਜਿੰਦਰ ਸਿੰਘ ਬਾਜਵਾ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।

ਅੱਜ ਇਸ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ਼੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਖੇਡ ਸਟੇਡੀਅਮ ਵਿਖੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਸੁਚਾਰੂ ਪ੍ਰਬੰਧ ਕਰਨ ਲਈ ਯੋਗ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਸਮਾਗਮ ਦੁਪਹਿਰ 1 ਵਜੇ ਸ਼ੁਰੂ ਹੋਵੇਗਾ, ਜਿਸ ਵਿੱਚ ਨਵੇਂ ਚੁਣੇ ਗਏ ਪੰਚ/ਸਰਪੰਚ, ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ ਪਹੁੰਚਣਗੇ। ਉਨ੍ਹਾਂ ਕਿਹਾ ਕਿ ਇਸ ਸਮਾਗਮ ਵਿੱਚ 12 ਹਜ਼ਾਰ ਤੋਂ ਵਧੇਰੇ ਲੋਕਾਂ ਦੇ ਪਹੁੰਚਣ ਦੀ ਉਮੀਦ ਹੈ। ਇਸ ਮੁਤਾਬਿਕ ਪ੍ਰਬੰਧ ਕੀਤੇ ਜਾ ਰਹੇ ਹਨ।

ਸ੍ਰੀ ਅਗਰਵਾਲ ਨੇ ਪੰਚਾਂ/ਸਰਪੰਚਾਂ, ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਨੂੰ ਸੱਦਾ ਦਿੱਤਾ ਕਿ ਉਹ ਇਸ ਰਸਮੀ ਸਹੁੰ ਚੁੱਕ ਸਮਾਗਮ ਵਿੱਚ ਹਰ ਹੀਲੇ ਪਹੁੰਚਣਾ ਯਕੀਨੀ ਬਣਾਉਣ। ਸਮਾਗਮ ਦੌਰਾਨ ਸਰਪੰਚਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਭੇਜੇ ਜਾ ਰਹੇ ਅਰਧ ਸਰਕਾਰੀ ਪੱਤਰ ਵੀ ਦਿੱਤੇ ਜਾਣਗੇ। ਇਸ ਮੌਕੇ ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਸ ਸਮਾਗਮ ਨੂੰ ਸਫਲ ਬਣਾਉਣ ਲਈ ਸਮੇਂ ਸਿਰ ਸਮੁੱਚੇ ਪ੍ਰਬੰਧ ਕਰਨ ਦੀ ਹਦਾਇਤ ਕੀਤੀ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵ) ਡਾ. ਸ਼ੇਨਾ ਅਗਰਵਾਲ, ਡਿਪਟੀ ਕਮਿਸ਼ਨਰ ਪੁਲਿਸ ਸ੍ਰੀ ਅਸ਼ਵਨੀ ਕੁਮਾਰ, ਵਧੀਕ ਡਿਪਟੀ ਕਮਿਸ਼ਨਰ ਪੁਲਿਸ (ਸਥਾਨਕ) ਸ੍ਰੀ ਦੀਪਕ ਪਾਰਿਕ, ਐੱਸ. ਡੀ. ਐੱਮ. ਲੁਧਿਆਣਾ (ਪੱਛਮੀ) ਸ੍ਰ. ਅਮਰਜੀਤ ਸਿੰਘ ਬੈਂਸ ਅਤੇ ਹੋਰ ਅਧਿਕਾਰੀ ਹਾਜ਼ਰ ਸਨ।


LEAVE A REPLY