ਕਿਸੇ ਖਾਸ ਉਮੀਦਵਾਰ ਲਈ ਵੋਟ ਪਾਉਣ ਦੀ ਫੋਟੋ ਸੋਸ਼ਲ ਮੀਡੀਆ ‘ਤੇ ਪਾਉਣ ਵਾਲਾ ਵਿਅਕਤੀ ਪੁਲਿਸ ਹਿਰਾਸਤ ‘ਚ


 

Arrested

ਲੁਧਿਆਣਾ – ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਪੰਜਾਬ ਦੇ ਧਿਆਨ ਵਿੱਚ ਕੁੱਝ ਮੀਡੀਆ ਰਿਪੋਰਟਾਂ ਰਾਹੀਂ ਇੱਕ ਅਜਿਹਾ ਮਾਮਲਾ ਆਇਆ ਸੀ ਜਿਸ ਵਿੱਚ ਲੁਧਿਆਣਾ ਵਿਖੇ ਕੁਝ ਵਿਅਕਤੀਆਂ ਵੱਲੋਂ ਵੋਟ ਪਾਉਣ ਵੇਲੇ ਦੀ ਈ.ਵੀ.ਐਮ. ਨਾਲ ਫੋਟੋ ਖਿੱਚ ਕੇ ਸੋਸ਼ਲ ਮੀਡੀਆ ‘ਤੇ ਪਾਈ ਗਈ ਸੀ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਸੀ.ਈ.ਓ. ਪੰਜਾਬ ਨੇ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੂੰ ਸਾਰੇ ਮਾਮਲੇ ਦੀ ਡੁੰਘਾਈ ਨਾਲ ਜਾਂਚ ਕਰਨ ਲਈ ਕਿਹਾ ਸੀ।

ਇਸ ਮੁੱਦੇ ‘ਤੇ ਤੁਰੰਤ ਕਾਰਵਾਈ ਕਰਦੇ ਹੋਏ ਜ਼ਿਲ੍ਹਾ ਪ੍ਰਸਾਸ਼ਨ ਲੁਧਿਆਣਾ ਵੱਲੋਂ ਵੋਟਰ ਸੂਚੀਆਂ ਅਤੇ ਸੋਸ਼ਲ ਮੀਡੀਆ ਅਕਾਊਂਂਟ ਦੀ ਜਾਂਚ ਕੀਤੀ ਗਈ ਅਤੇ ਫੋਟੋ ਪਾਉਣ ਵਾਲੇ ਵਿਅਕਤੀ ਦੀ ਪਹਿਚਾਣ ਕਰ ਲਈ ਗਈ। ਇਸ ਉਪਰੰਤ ਸਾਰੀ ਜਾਣਕਾਰੀ ਕਮਿਸ਼ਨਰ ਪੁਲਿਸ ਲੁਧਿਆਣਾ ਦੇ ਧਿਆਨ ਵਿੱਚ ਲਿਆਂਦੀ ਗਈ ਅਤੇ ਫੋਟੋ ਪਾਉਣ ਵਾਲੇ ਵਿਅਕਤੀ ਨੂੰ ਪੁਲਿਸ ਵੱਲੋਂ ਹਿਰਾਸਤ ਵਿੱਚ ਲੈ ਲਿਆ ਗਿਆ। ਸ੍ਰੀ ਅਗਰਵਾਲ ਨੇ ਦੱਸਿਆ ਕਿ ਪੁਲਿਸ ਇਸ ਮਾਮਲੇ ਸਬੰਧੀ ਗੰਭੀਰਤਾ ਨਾਲ ਪੜਤਾਲ ਕਰ ਰਹੀ ਹੈ ਕਿ ਫੋਟੋ ਹਿਰਾਸਤ ਵਿੱਚ ਲਏ ਵਿਅਕਤੀ ਵੱਲੋਂ ਆਪ ਖਿੱਚੀ ਗਈ ਸੀ ਜਾਂ ਕਿਸੇ ਦੂਸਰੇ ਵਿਅਕਤੀ ਦੁਆਰਾ।

ਜ਼ਿਲ੍ਹਾ ਚੋਣ ਅਧਿਕਾਰੀ ਲੁਧਿਆਣਾ ਨੇ ਚੇਤਾਵਨੀ ਦਿੱਤੀ ਹੈ ਕਿ ਜੇ ਕੋਈ ਵੀ ਵਿਅਕਤੀ ਵੋਟ ਪਾਉਣ ਵੇਲੇ ਈ.ਵੀ.ਐਮ. ਨਾਲ ਫੋਟੋ ਖਿੱਚਦਾ ਹੈ ਤਾਂ ਇਹ ਗੈਰ-ਕਾਨੂੰਨੀ ਹੈ ਅਤੇ ਅਜਿਹਾ ਕਰਨ ਵਾਲੇ ਵਿਅਕਤੀ ਖ਼ਿਲਾਫ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।


LEAVE A REPLY