ਪਾਕਿਸਤਾਨ ਦੇ ਸਿੱਖਾਂ ਨੇ ਨਨਕਾਣਾ ਸਾਹਿਬ ਨੂੰ ਛੇਵਾਂ ਤਖਤ ਬਣਾਉਣ ਦਾ ਮਤਾ ਕੀਤਾ ਪਾਸ


Sri Nankana Sahib ji

ਪਾਕਿਸਤਾਨ ਦੇ ਸਿੱਖ ਭਾਈਚਾਰੇ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਨਨਕਾਣਾ ਸਾਹਿਬ ਨੂੰ ਛੇਵਾਂ ਤਖ਼ਤ ਬਣਾਏ ਜਾਣ ਦੇ ਸਬੰਧ ਵਿਚ ਇਕ ਮਤਾ ਪਾਸ ਕਰ ਦਿੱਤਾ ਹੈ। ਇਹ ਮਤਾ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਪ੍ਰਕਾਸ਼ ਪੁਰਬ ਮੌਕੇ ਨਨਕਾਣਾ ਸਾਹਿਬ ਵਿਖੇ ਸਿੱਖਾਂ ਦੇ ਇਕੱਠ ਦੌਰਾਨ ਪੇਸ਼ ਕੀਤਾ ਸੀ। ਸਰਨਾ ਪ੍ਰਕਾਸ਼ ਪੁਰਬ ਸਮਾਰੋਹ ’ਚ ਉਥੇ ਸ਼ਾਮਲ ਹੋਣ ਗਏ ਸਨ।

ਸਰਨਾ ਨੇ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਨਨਕਾਣਾ ਸਾਹਿਬ ਵਿਖੇ ਦੇਸ਼-ਵਿਦੇਸ਼ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੁੱਜੀਆਂ ਸੰਗਤਾਂ ਨੂੰ ਵੱਖ-ਵੱਖ ਬੁਲਾਰਿਆਂ ਵਲੋਂ ਕੀਤੇ ਗਏ ਭਾਸ਼ਣਾਂ ਦੌਰਾਨ ਇਹ ਮਤਾ ਪੇਸ਼ ਕੀਤਾ ਗਿਆ, ਜਿਸ ਨੂੰ ਸੰਗਤਾਂ ਵਲੋਂ ਜੈਕਾਰਿਆਂ ਦੀ ਗੂੰਜ ਵਿਚ ਪ੍ਰਵਾਨ ਕੀਤਾ ਗਿਆ।

ਜ਼ਿਕਰਯੋਗ ਹੈ ਕਿ ਸਰਨਾ ਵਲੋਂ ਪੇਸ਼ ਕੀਤੇ ਗਏ ਮਤੇ ਦੇ ਪ੍ਰਕਾਸ਼ ਪੁਰਬ ਵਿਚ ਸ਼ਾਮਲ ਹੋਣ ਪਹੁੰਚੇ ਐੱਸ. ਜੀ. ਪੀ. ਸੀ. ਦੇ ਜਥੇ ਦੇ ਆਗੂ ਅਮਰਜੀਤ ਸਿੰਘ ਭਲਾਈਪੁਰ ਨੇ ਵੀ ਸਮਰਥਨ ਕਰਦਿਆਂ ਕਿਹਾ ਕਿ ਉਹ ਇਸ ਨੂੰ ਲਾਗੂ ਕਰਵਾਉਣ ਲਈ ਪੂਰੀ ਵਾਹ ਲਾਉਣਗੇ। ਇਸ ਮੌਕੇ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਗੋਪਾਲ ਸਿੰਘ ਚਾਵਲਾ ਨੇ ਵੀ ਮਤੇ ਦਾ ਸਮਰਥਨ ਕੀਤਾ।


LEAVE A REPLY