ਪੰਜਾਬ ਰੋਡਵੇਜ਼ ਦੇ ਕਾਮਿਆਂ ਵਲੋਂ ਪੰਜਾਬ ਵਿਚ ਬੱਸਾਂ ਦਾ ਚੱਕਾ ਜਾਮ ਕਰਕੇ ਪੰਜਾਬ ਸਰਕਾਰ ਵਿਰੁੱਧ ਕੀਤੀ ਗਈ ਨਾਅਰੇਬਾਜ਼ੀ


ਪੰਜਾਬ ਰੋਡਵੇਜ਼ ਦੇ ਕਾਮਿਆਂ ਵਲੋਂ ਮੰਗਾਂ ਨੂੰ ਲੈ ਕੇ ਪੰਜਾਬ ਵਿਚ ਬੱਸਾਂ ਦਾ ਚੱਕਾ ਜਾਮ ਕਰਕੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ | ਪੰਜਾਬ ਰੋਡਵੇਜ਼ ਦੀਆਂ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਵਲੋਂ ਬਣਾਈ ਗਈ ਸਾਂਝੀ ਐਕਸ਼ਨ ਕਮੇਟੀ ਨੇ ਮੰਗਾਂ ਨੂੰ ਲੈ ਕੇ ਸੂਬੇ ਦੇ ਸਾਰੇ ਡੀਪੂਆਂ ਵਿਚ ਹੜਤਾਲ ਕੀਤੀ | ਸਾਂਝੀ ਐਕਸ਼ਨ ਕਮੇਟੀ ਦੇ ਸੂਬਾਈ ਆਗੂ ਜਗਦੀਸ਼ ਚਾਹਲ, ਮੰਗਤ ਖਾਨ ਅਤੇ ਮਨਜੀਤ ਗਿੱਲ ਦੀ ਅਗਵਾਈ ਹੇਠ ਮੁਲਾਜ਼ਮਾਂ ਵਲੋਂ ਕੀਤੀ ਹੜਤਾਲ ਦੌਰਾਨ ਪੰਜਾਬ ਸਰਕਾਰ ਅਤੇ ਟਰਾਂਸਪੋਰਟ ਮੰਤਰੀ ਵਲੋਂ ਅਪਣਾਏ ਜਾ ਰਹੇ ਮਾੜੇ ਰਵੱਈਏ ਖਿਲਾਫ਼ ਪੰਜਾਬ ਰੋਡਵੇਜ਼ ਦੇ ਲੁਧਿਆਣਾ ਸਮੇਤ ਸੂਬੇ ਦੇ ਸਾਰੇ 18 ਬੱਸ ਡੀਪੂਆਂ ਵਿਚ ਬਾਅਦ ਦੁਪਹਿਰ 12 ਵਜੇ ਤੋਂ 2 ਵਜੇ ਤੱਕ ਮੁਲਾਜ਼ਮਾਂ ਨੇ ਬੱਸਾਂ ਦਾ ਚੱਕਾ ਜਾਮ ਕੀਤਾ | ਵੱਖ-ਵੱਖ ਮੁਲਾਜ਼ਮ ਆਗੂਆਂ ਨੇ ਵੱਖ-ਵੱਖ ਡੀਪੂਆਂ ਵਿਚ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਠੇਕਾ ਆਧਾਰਿਤ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਜਾਣ, ਮੁਲਾਜ਼ਮਾਂ ਦੀ ਪੱਕੀ ਭਰਤੀ ਕੀਤੀ ਜਾਵੇ, ਮਾਣਯੋਗ ਸੁਪਰੀਮ ਕੋਰਟ ਵਲੋਂ ਦਿੱਤੇ ਫੈਸਲੇ ਬਰਾਬਰ ਕੰਮ, ਬਰਾਬਰ ਤਨਖਾਹ ਨੂੰ ਲਾਗੂ ਕੀਤਾ ਜਾਵੇ, ਕਰਜ਼ਾ ਮੁਕਤ ਬੱਸਾਂ ਰੋਡਵੇਜ਼ ਦੇ ਬੇੜੇ ਵਿਚ ਸ਼ਾਮਿਲ ਕੀਤੀਆਂ ਜਾਣ, ਡੀ.ਏ. ਦੀਆਂ ਕਿਸ਼ਤਾਂ ਜਾਰੀ ਕੀਤੀਆਂ ਜਾਣ, ਤਨਖਾਹ ਕਮਿਸ਼ਨ ਦੀ ਰਿਪੋਰਟ ਜਾਰੀ ਕੀਤੀ ਜਾਵੇ ਤੇ ਮੁਲਾਜ਼ਮਾਂ ਦੀਆਂ ਤਰੱਕੀਆਂ ਕੀਤੀਆਂ ਜਾਣ |

ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਦਾਅਵਾ ਕੀਤਾ ਕਿ ਰੋਡਵੇਜ਼ ਦੇ ਕਾਮਿਆਂ ਵਲੋਂ ਪੰਜਾਬ ਭਰ ਵਿਚ ਕੀਤੀ ਹੜ੍ਹਤਾਲ ਸਫ਼ਲ ਰਹੀ ਹੈ | ਇਸ ਮੌਕੇ ਆਗੂਆਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਅਤੇ ਟਰਾਂਸਪੋਰਟ ਵਿਭਾਗ ਨੇ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਉਹ ਸੰਘਰਸ਼ ਹੋਰ ਤੇਜ਼ ਕਰਨਗੇ, ਜਿਸਦੀ ਜਿੰਮੇਵਾਰੀ ਸਰਕਾਰ ਦੀ ਹੋਵੇਗੀ | ਇਸ ਮੌਕੇ ਲੁਧਿਆਣਾ ਸਮੇਤ ਸਾਰੇ ਡੀਪੂਆਂ ਵਿਚ ਟਰਾਂਸਪੋਰਟ ਮੰਤਰੀ ਦੇ ਪੁਤਲੇ ਵੀ ਸਾੜੇ ਗਏ | ਐਕਸ਼ਨ ਕਮੇਟੀ ਦੇ ਸੂਬਾਈ ਆਗੂ ਮੱਖਣ ਸਿੰਘ, ਮਨਜੀਤ ਸਿੰਘ, ਰਘੁਵੀਰ ਸਿੰਘ, ਹਰਬੰਸ ਸਿੰਘ, ਕਿਰਨਦੀਪ ਸਿੰਘ ਢਿੱਲੋਂ, ਸਰਬਜੀਤ ਸਿੰਘ, ਸਤਵਿੰਦਰ ਸਿੰਘ, ਕੁਲਜੀਤ ਸਿੰਘ ਸੋਢੀ, ਸਤਨਾਮ ਸਿੰਘ, ਮੁਨੀਸ਼ ਕੁਮਾਰ, ਸਤਨਾਮ ਸਿੰਘ, ਸ਼ਮਸ਼ੇਰ ਸਿੰਘ, ਅਮਰਜੀਤ ਸਿੰਘ, ਪ੍ਰਦੀਪ ਕੁਮਾਰ, ਰਜਿੰਦਰ ਸੀਲੋਂ ਨੇ ਵੀ ਸੰਬੋਧਨ ਕੀਤਾ | ਰੋਡਵੇਜ਼ ਦੇ ਕਾਮਿਆਂ ਦੀ ਹੜ੍ਹਤਾਲ ਕਾਰਨ ਜਿੱਥੇ ਸਵਾਰੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ, ਉਥੇ ਨਿੱਜੀ ਬੱਸ ਅਪ੍ਰੇਟਰਾਂ ਦੀ ਕਮਾਈ ਵਿਚ ਵੀ ਵਾਧਾ ਹੋਇਆ, ਜਦੋਂ ਕਿ ਸਰਕਾਰੀ ਖਜ਼ਾਨੇ ਨੂੰ ਘਾਟਾ ਪਿਆ |

 


LEAVE A REPLY