ਜ਼ਿਲਾ ਲੁਧਿਆਣਾ ਵਿੱਚ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਵਿਸ਼ੇਸ਼ ਕੈਂਪ ਲੱਗੇ, ਨਸ਼ਿਆਂ ਦੇ ਖ਼ਾਤਮੇ ਲਈ ਕੌਮੀ ਨੀਤੀ ਬਣੇ- ਸਿਹਤ ਅਤੇ ਪਰਿਵਾਰ ਭਲਾਈ ਮੰਤਰੀ


ਲੁਧਿਆਣਾ – ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਕਿਹਾ ਹੈ ਕਿ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਕੇਂਦਰ ਸਰਕਾਰ ਨੂੰ ਕੌਮੀ ਨੀਤੀ ਬਣਾਉਣੀ ਚਾਹੀਦੀ ਹੈ ਅਤੇ ਸਾਰੇ ਸੂਬਿਆਂ ਨੂੰ ਉਹ ਲਾਗੂ ਕਰਕੇ ਨਸ਼ਿਆਂ ਦੇ ਪ੍ਰਕੋਪ ਨੂੰ ਜੜੋਂ ਖ਼ਤਮ ਕਰਨਾ ਚਾਹੀਦਾ ਹੈ। ਉਨਾਂ ਇਹ ਵਿਚਾਰ ਅੱਜ ਸਥਾਨਕ ਸਰਕਾਰੀ ਕਾਲਜ (ਲੜਕੀਆਂ) ਵਿਖੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਲਗਾਏ ਗਏ ਜ਼ਿਲਾ ਪੱਧਰੀ ਵਿਸ਼ੇਸ਼ ਕੈਂਪ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ।

ਸਮਾਗਮ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਮਹਿੰਦਰਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚੋਂ ਨਸ਼ੇ ਦੀ ਬਿਮਾਰੀ ਨੂੰ ਜੜੋਂ ਖ਼ਤਮ ਕਰਨ ਲਈ ਦ੍ਰਿੜ ਵਚਨਬੱਧ ਅਤੇ ਇਸ ਦਿਸ਼ਾ ਵਿੱਚ ਕਿਰਿਆਸ਼ੀਲ ਹੈ। ਨਸ਼ੇ ਦੀ ਸਪਲਾਈ ਲਾਈਨ ਤੋੜਨ ਦੇ ਨਾਲ-ਨਾਲ ਹਰ ਪੱਧਰ ‘ਤੇ ਤਸਕਰੀ ਨੂੰ ਪੂਰੀ ਤਰਾਂ ਕਾਬੂ ਹੇਠ ਕਰ ਲਿਆ ਗਿਆ ਹੈ। ਸੂਬੇ ਵਿੱਚ ਖਸਖਸ ਅਤੇ ਡੋਡਿਆਂ ਦੀ ਖੇਤੀ ਬਾਰੇ ਪੁੱਛੇ ਜਾਣ ‘ਤੇ ਉਨਾਂ ਕਿਹਾ ਕਿ ਦੇਸ਼ ਦੇ ਹਰੇਕ ਖਿੱਤੇ ਵਿੱਚੋਂ ਨਸ਼ੇ ਦੇ ਮੁਕੰਮਲ ਖ਼ਾਤਮੇ ਲਈ ਜ਼ਰੂਰਤ ਹੈ ਕਿ ਕੇਂਦਰ ਸਰਕਾਰ ਵੱਲੋਂ ਸੂਬਿਆਂ ਦੀ ਸਲਾਹ ਨਾਲ ਇੱਕ ਕੌਮੀ ਨੀਤੀ ਬਣਾਈ ਜਾਵੇ, ਜਿਸ ਨੂੰ ਹਰੇਕ ਸੂਬਾ ਲਾਗੂ ਕਰੇ। ਇਸ ਨਾਲ ਹੀ ਪੰਜਾਬ ਵਰਗੇ ਸੂਬੇ ਨਸ਼ੇ ਦੀ ਮਾਰ ਤੋਂ ਬਚ ਸਕਦੇ ਹਨ। ਉਨਾਂ ਸਪੱਸ਼ਟ ਕੀਤਾ ਕਿ ਨਸ਼ਿਆਂ ਦੀ ਰੋਕਥਾਮ ਲਈ ਜੇਕਰ ਕੋਈ ਕੌਮੀ ਨੀਤੀ ਬਣਦੀ ਹੈ ਤਾਂ ਪੰਜਾਬ ਸਰਕਾਰ ਉਸ ਨੂੰ ਸੂਬੇ ਵਿੱਚ ਲਾਗੂ ਕਰੇਗੀ।

ਭਰਵੇਂ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਮਹਿੰਦਰਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਹ ਮਹਿਸੂਸ ਕੀਤਾ ਸੀ ਕਿ ਲੋਕ ਹਿੱਤ ਦੀਆਂ ਯੋਜਨਾਵਾਂ ਦਾ ਬਹੁਤ ਹਨ ਪਰ ਯੋਗ ਲੋਕਾਂ ਨੂੰ ਉਨਾਂ ਦਾ ਲਾਭ ਨਹੀਂ ਮਿਲ ਰਿਹਾ ਹੈ। ਅਜਿਹੇ ਯੋਗ ਲਾਭਪਾਤਰੀਆਂ ਦੀ ਭਾਲ ਲਈ ਹੀ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਲਾਗੂ ਕੀਤੀ ਗਈ ਸੀ, ਜੋ ਕਿ ਬਹੁਤ ਹੀ ਲਾਹੇਵੰਦ ਸਿੱਧ ਹੋ ਰਹੀ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਯੋਜਨਾਵਾਂ ਦਾ ਲਾਭ ਹਰੇਕ ਯੋਗ ਲਾਭਪਾਤਰੀ ਨੂੰ ਮੁਹੱਈਆ ਕਰਾਉਣ ਲਈ ਦ੍ਰਿੜ ਯਤਨਸ਼ੀਲ ਹੈ। ਇਸ ਮੌਕੇ ਉਨਾਂ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਕਿਸਾਨ ਕਰਜ਼ਾ ਰਾਹਤ ਯੋਜਨਾ, ਘਰ-ਘਰ ਰੋਜ਼ਗਾਰ ਯੋਜਨਾ, ਮਿਸ਼ਨ ਤੰਦਰੁਸਤ ਪੰਜਾਬ ਅਤੇ ਨਸ਼ਾ ਮੁਕਤੀ ਮੁਹਿੰਮ ਦਾ ਵਿਸ਼ੇਸ਼ ਤੌਰ ‘ਤੇ ਜ਼ਿਕਰ ਕਰਦਿਆਂ ਇਨਾਂ ਦੀ ਪ੍ਰਗਤੀ ਬਾਰੇ ਦੱਸਿਆ। ਉਨਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ੇ ਨਾਲੋਂ ਖਦੇੜਨ ਦੇ ਨਾਲ-ਨਾਲ ਉਨਾਂ ਨੂੰ ਰੋਜ਼ਗਾਰ ਨਾਲ ਜੋੜਿਆ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ 2.62 ਲੱਖ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਜਾ ਚੁੱਕਾ ਹੈ। ਉਨਾਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਗੁੰਮਰਾਹ ਹੋ ਕੇ ਨਸ਼ੇ ਦੇ ਆਦੀ ਹੋਣ ਦੀ ਬਿਜਾਏ ਸੂਬੇ ਨੂੰ ਤੰਦਰੁਸਤ ਕਰਨ ਲਈ ਅੱਗੇ ਆਉਣ।

ਉਨਾਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਰਹਿ ਚੁੱਕੇ ਸ੍ਰੀ ਲਾਲ ਬਹਾਦਰ ਸ਼ਾਸਤਰੀ ਨੂੰ ਯਾਦ ਕਰਦਿਆਂ ਕਿਹਾ ਕਿ ਉਨਾਂ ਨੇ ਰਾਸ਼ਟਰ ਨੂੰ ਅਹਿੰਸਾ ਦਾ ਰਾਹ ਅਪਣਾ ਕੇ ਦੇਸ਼ ਅਤੇ ਦੇਸ਼ ਦੇ ਲੋਕਾਂ ਦਾ ਵਿਕਾਸ ਕਰਨ ਲਈ ਯਤਨ ਕੀਤੇ। ਉਨਾਂ ਕਿਹਾ ਕਿ ਇਨਾਂ ਦੋਵਾਂ ਸਖ਼ਸ਼ੀਅਤਾਂ ਦਾ ਰਾਸ਼ਟਰ ਨਿਰਮਾਣ ਵਿੱਚ ਬਹੁਤ ਅਹਿਮ ਯੋਗਦਾਨ ਹੈ, ਜਿਸ ਨੂੰ ਸਾਰੀ ਉਮਰ ਯਾਦ ਰੱਖਿਆ ਜਾਵੇਗਾ। ਇਨਾਂ ਦੋਵਾਂ ਰਾਸ਼ਟਰ ਨੇਤਾਵਾਂ ਨੇ ਆਪਣੇ-ਆਪਣੇ ਸਮੇਂ ਦੌਰਾਨ ਸਮਾਜ ਦੇ ਹਰੇਕ ਵਰਗ, ਖਾਸ ਕਰਕੇ ਦਲਿਤ ਵਰਗ, ਨੂੰ ਆਰਥਿਕ ਤੌਰ ‘ਤੇ ਉੱਪਰ ਚੁੱਕਣ ਲਈ ਜ਼ੋਰ ਲਗਾਇਆ।

ਸਮਾਗਮ ਨੂੰ ਸੰਬੋਧਨ ਕਰਦਿਆਂ ਲੋਕ ਸਭਾ ਮੈਂਬਰ ਸ੍ਰ. ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਹਰੇਕ ਸਰਕਾਰ ਵੱਲੋਂ ਕਈ ਯੋਜਨਾਵਾਂ ਬਣਾਈਆਂ ਅਤੇ ਲਾਗੂ ਕੀਤੀਆਂ ਜਾਂਦੀਆਂ ਹਨ ਪਰ ਇਨ•ਾਂ ਯੋਜਨਾਵਾਂ ਦਾ ਕਿੰਨੇ ਕੁ ਲੋਕਾਂ ਨੂੰ ਲਾਭ ਮਿਲਦਾ ਹੈ? ਜਾਂ ਕਿੰਨੇ ਯੋਗ ਵਿਅਕਤੀ ਇਸ ਤੋਂ ਵਾਂਝੇ ਰਹਿ ਜਾਂਦੇ ਹਨ? ਇਸ ਬਾਰੇ ਕੋਈ ਵੀ ਧਿਆਨ ਨਹੀਂ ਦਿੰਦਾ ਪਰ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਦੀ ਸ਼ੁਰੂਆਤ ਕਰਕੇ ਇਨ•ਾਂ ਯੋਜਨਾਵਾਂ ਦਾ ਹਰੇਕ ਯੋਗ ਲਾਭਪਾਤਰੀ ਨੂੰ ਲਾਭ ਦਿਵਾਉਣ ਲਈ ਯਤਨ ਕੀਤਾ ਹੈ। ਇਸ ਕਰਕੇ ਲੋਕਾਂ ਨੂੰ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ। ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਬਪੱਖੀ ਵਿਕਾਸ ਲਈ ਪੁਰਜ਼ੋਰ ਯਤਨ ਕੀਤੇ ਜਾ ਰਹੇ ਹਨ।

ਸਮਾਗਮ ਨੂੰ ਸ੍ਰੀ ਰਾਕੇਸ਼ ਪਾਂਡੇ ਅਤੇ ਸ੍ਰੀ ਸੁਰਿੰਦਰ ਡਾਬਰ (ਦੋਵੇਂ ਵਿਧਾਇਕ), ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਵੀ ਸੰਬੋਧਨ ਕੀਤਾ। ਇਸ ਤੋਂ ਪਹਿਲਾਂ ਸ੍ਰੀ ਬ੍ਰਹਮ ਮਹਿੰਦਰਾ, ਸ੍ਰੀ ਰਵਨੀਤ ਸਿੰਘ ਬਿੱਟੂ ਅਤੇ ਹੋਰ ਪ੍ਰਮੁੱਖ ਸਖ਼ਸ਼ੀਅਤਾਂ ਨੇ ਮਹਾਤਮਾ ਗਾਂਧੀ ਅਤੇ ਸ੍ਰੀ ਲਾਲ ਬਹਾਦਰ ਸ਼ਾਸਤਰੀ ਦੀਆਂ ਤਸਵੀਰਾਂ ‘ਤੇ ਫੁੱਲ ਮਾਲਾਵਾਂ ਭੇਟ ਕਰਕੇ ਸ਼ਰਧਾ ਸਤਿਕਾਰ ਅਰਪਿਤ ਕੀਤਾ। ਇਥੇ ਇਹ ਦੱਸਣਯੋਗ ਹੈ ਕਿ ਜ਼ਿਲ•ਾ ਲੁਧਿਆਣਾ ਵਿੱਚ ਹਰੇਕ ਬਲਾਕ ਵਿੱਚ ਅਜਿਹੇ ਵਿਸ਼ੇਸ਼ ਕੈਂਪਾਂ ਦਾ ਆਯੋਜਨ ਕੀਤਾ ਗਿਆ। ਜਿਨ•ਾਂ ਦੌਰਾਨ ਹਜ਼ਾਰਾਂ ਲੋਕਾਂ ਦੀ ਵੱਖ-ਵੱਖ ਯੋਜਨਾਵਾਂ ਲਈ ਰਜਿਸਟਰੇਸ਼ਨ ਕੀਤੀ ਗਈ। ਇਸ ਮੌਕੇ ਵੱਖ-ਵੱਖ ਯੋਗ ਲਾਭਪਾਤਰੀਆਂ ਨੂੰ ਸਰਟੀਫਿਕੇਟਾਂ ਦੀ ਵੀ ਵੰਡ ਕੀਤੀ ਗਈ। ਸਮਾਗਮ ਦੌਰਾਨ ਵਿਧਾਇਕ ਸ੍ਰੀ ਸੰਜੇ ਤਲਵਾੜ, ਨਗਰ ਨਿਗਮ ਲੁਧਿਆਣਾ ਦੇ ਮੇਅਰ ਸ੍ਰ. ਬਲਕਾਰ ਸਿੰਘ ਸੰਧੂ, ਵਧੀਕ ਡਿਪਟੀ ਕਮਿਸ਼ਨਰ (ਵ) ਡਾ. ਸ਼ੇਨਾ ਅਗਰਵਾਲ, ਐੱਸ. ਡੀ. ਐੱਮ. ਸ੍ਰ. ਦਮਨਜੀਤ ਸਿੰਘ ਮਾਨ, ਸ੍ਰ. ਅਮਰਜੀਤ ਸਿੰਘ ਟਿੱਕਾ ਅਤੇ ਸ੍ਰੀ ਰਮੇਸ਼ ਜੋਸ਼ੀ (ਦੋਵੇਂ ਜਨਰਲ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ), ਸ੍ਰ. ਗੁਰਦੀਪ ਸਿੰਘ ਸਰਪੰਚ ਅਤੇ ਸ੍ਰ. ਹਰਜਿੰਦਰ ਸਿੰਘ ਢੀਂਡਸਾ ਅਤੇ ਹੋਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।


LEAVE A REPLY