ਸ਼ਹੀਦ ਸੁਖਦੇਵ ਜੀ ਦੇ ਜਨਮ ਦਿਵਸ ਤੇ ਲੁਧਿਆਣਾ ਚ ਰਾਜ ਪੱਧਰੀ ਸਮਾਗਮ ਦਾ ਆਯੋਜਨ


 

ਲੁਧਿਆਣਾ – ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਇਕਬਾਲ ਸਿੰਘ ਸੰਧੂ ਨੇ ਨੌਜਵਾਨਾਂ ਅਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਦੇਸ਼ ਸੇਵਾ ਨੂੰ ਆਪਣੇ ਜੀਵਨ ਦਾ ਮਿਸ਼ਨ ਮੰਨ ਕੇ ਚੱਲਣ ਅਤੇ ਇਸ ਦਿਸ਼ਾ ਵਿੱਚ ਯਤਨ ਕਰਨ। ਕਿਉਂਕਿ ਆਉਣ ਵਾਲੇ ਸਮੇਂ ਦੌਰਾਨ ਦੇਸ਼ ਦੀ ਸਮੁੱਚੀ ਵਾਗਡੋਰ ਨੌਜਵਾਨਾਂ ਦੇ ਹੱਥ ਹੋਵੇਗੀ। ਉਨਾਂ ਇਹ ਵਿਚਾਰ ਅੱਜ ਸਥਾਨਕ ਸ਼ਹੀਦ-ਏ-ਆਜ਼ਮ ਸੁਖਦੇਵ ਥਾਪਰ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਭਾਰਤ ਨਗਰ ਚੌਕ ਵਿਖੇ ਮਨਾਏ ਗਏ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ।

ਸਕੂਲ ਦੇ ਵਿਹੜੇ ਵਿੱਚ ਸ਼ਹੀਦ ਦੇ ਬੁੱਤ ਅਤੇ ਤਸਵੀਰ ‘ਤੇ ਫੁੱਲ ਮਾਲਾਵਾਂ ਭੇਟ ਕਰਨ ਉਪਰੰਤ ਵਿਦਿਆਰਥਣਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਉਨਾਂ ਕਿਹਾ ਕਿ ਸ਼ਹੀਦ ਸੁਖਦੇਵ ਇੱਕ ਮਹਾਨ ਕ੍ਰਾਂਤੀਕਾਰੀ ਸਨ, ਜਿਨਾਂ ਨੇ ਭਾਰਤ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਅਜ਼ਾਦੀ ਸੰਘਰਸ਼ ਵਿੱਚ ਅਹਿਮ ਰੋਲ ਅਦਾ ਕੀਤਾ। ਉਨਾਂ ਕਿਹਾ ਕਿ ਸ਼ਹੀਦ ਸੁਖਦੇਵ ਦੇਸ਼ ਦੇ ਉਨਾਂ ਮਹਾਨ ਯੋਧਿਆਂ ਵਿੱਚੋਂ ਇੱਕ ਸਨ, ਜਿਨਾਂ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ ਸਨ। ਉਹਨਾਂ ਦਾ ਜਨਮ ਨੌਘਰਾ ਮਹੱਲਾ, ਲੁਧਿਆਣਾ ਵਿਖੇ ਹੋਇਆ ਸੀ।

ਸ਼ਹੀਦ ਸੁਖਦੇਵ ਜੀ ਨੇ ਆਪਣੇ ਬਚਪਨ ਤੋਂ ਹੀ ਅੰਗਰੇਜ਼ ਹਾਕਮਾਂ ਵੱਲੋਂ ਭਾਰਤੀਆਂ ‘ਤੇ ਕੀਤੇ ਜਾਂਦੇ ਜੁਲਮਾਂ ਨੂੰ ਅੱਖੀਂ ਦੇਖਿਆ ਸੀ, ਜਿਸ ਕਾਰਨ ਆਪ ਆਜ਼ਾਦੀ ਦੇ ਸੰਘਰਸ਼ ਵਿੱਚ ਸ਼ਾਮਿਲ ਹੋਏ ਅਤੇ ਦੇਸ਼ ਨੂੰ ਅੰਗਰੇਜ਼ੀ ਸਾਮਰਾਜ ਤੋਂ ਮੁਕਤ ਕਰਵਾਉਣ ਦਾ ਪ੍ਰਣ ਲਿਆ। ਉਹਨਾਂ ਨੈਸ਼ਨਲ ਕਾਲਜ ਲਾਹੌਰ ਵਿਖੇ ਵੀ ਨੌਜਵਾਨਾਂ ਨੂੰ ਦੇਸ਼ ਆਜ਼ਾਦ ਕਰਵਾਉਣ ਲਈ ਸਿੱਖਿਅਤ ਕੀਤਾ ਅਤੇ ਲਾਹੌਰ ਵਿਖੇ ਸੰਗਠਨ ਬਣਾਇਆ, ਜੋ ਕਿ ਹੋਰਨਾਂ ਸਮਾਜਿਕ ਗਤੀਵਿਧੀਆਂ ਦੇ ਨਾਲ-ਨਾਲ ਨੌਜਵਾਨਾਂ ਨੂੰ ਦੇਸ਼ ਨੂੰ ਅਜ਼ਾਦ ਕਰਾਉਣ ਲਈ ਸੰਘਰਸ਼ ਵਿੱਚ ਕੁੱਦਣ ਲਈ ਪ੍ਰੇਰਦਾ ਸੀ।

ਸ੍ਰੀ ਸੰਧੂ ਨੇ ਵਿਦਿਆਰਥੀਆਂ ਅਤੇ ਦੇਸ਼ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਮਾਜ ਵਿੱਚੋਂ ਸਮਾਜਿਕ ਕੁਰੀਤੀਆਂ ਨੂੰ ਬਾਹਰ ਕੱਢ ਸੁੱਟਣ ਲਈ ਅੱਗੇ ਆਉਣ, ਜੋ ਕਿ ਦੇਸ਼ ਲਈ ਸ਼ਹੀਦ ਹੋਣ ਵਾਲਿਆਂ ਲਈ ਸੱਚੀ ਸ਼ਰਧਾਂਜਲੀ ਹੋਵੇਗੀ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦਾਂ ਦੇ ਦਿਹਾੜੇ ਇਸ ਲਈ ਮਨਾਏ ਜਾਂਦੇ ਹਨ, ਤਾਂ ਜੋ ਲੋਕ ਖਾਸ ਕਰਕੇ ਨੌਜਵਾਨ ਵਰਗ ਦੇਸ਼ ਭਗਤੀ ਦੀ ਭਾਵਨਾ ਗ੍ਰਹਿਣ ਕਰ ਸਕੇ। ਉਨਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਜ਼ਿਲਾ ਪ੍ਰਸਾਸ਼ਨ ਸ਼ਹੀਦਾਂ ਦੇ ਪਰਿਵਾਰਾਂ ਦੀ ਰਖਵਾਲੀ ਅਤੇ ਉਨਾਂ ਦੇ ਮਾਣ ਸਤਿਕਾਰ ਨੂੰ ਬਹਾਲ ਰੱਖਣ ਲਈ ਵਚਨਬੱਧ ਹੈ।

ਇਸ ਮੌਕੇ ਸਕੂਲ ਦੀਆਂ ਵਿਦਿਆਰਥਣਾਂ ਅਤੇ ਅਧਿਆਪਕਾਂ ਵੱਲੋਂ ਦੇਸ਼ ਭਗਤੀ ਨਾਲ ਸਬੰਧਤ ਪੇਸ਼ਕਾਰੀਆਂ ਵੀ ਪੇਸ਼ ਕੀਤੀਆਂ ਗਈਆਂ। ਸਮਾਗਮ ਨੂੰ ਜ਼ਿਲਾ ਸਾਇੰਸ ਸੁਪਰਵਾਈਜ਼ਰ ਸ਼੍ਰੀਮਤੀ ਬਲਵਿੰਦਰ ਕੌਰ ਅਤੇ ਪਿੰ੍ਰਸੀਪਲ ਸ਼੍ਰੀਮਤੀ ਕਮਲਜੀਤ ਕੌਰ ਨੇ ਵੀ ਸੰਬੋਧਨ ਕੀਤਾ। ਸਮਾਗਮ ਦੌਰਾਨ ਸਕੂਲ ਦੀਆਂ ਹੋਣਹਾਰ ਵਿਦਿਆਰਥਣਾਂ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲਾ ਲੋਕ ਸੰਪਰਕ ਅਫ਼ਸਰ ਸ੍ਰ. ਪ੍ਰਭਦੀਪ ਸਿੰਘ ਨੱਥੋਵਾਲ ਸਮੇਤ ਸਟਾਫ਼ ਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ।


LEAVE A REPLY