ਡਾਇਰੀਆ ਦੀ ਰੋਕਥਾਮ ਲਈ ਵਿਸ਼ੇਸ਼ ਪੰਦਰਵਾੜੇ ਦੀ ਸ਼ੁਰੁਆਤ, ਵਿਧਾਇਕ ਸੁਰਿੰਦਰ ਡਾਵਰ ਨੇ ਕੀਤੀ ਪੰਦਰਵਾੜੇ ਦੀ ਸ਼ੁਰੂਆਤ


ਲੁਧਿਆਣਾ – ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਸੂਬੇ ਦੇ ਹਰੇਕ ਵਰਗ ਦੇ ਲੋਕਾਂ ਨੂੰ ਮਾਨਸਿਕ ਅਤੇ ਸਰੀਰਕ ਤੌਰ ‘ਤੇ ਤੰਦਰੁਸਤ ਕਰਨ ਲਈ ਯਤਨ ਕੀਤੇ ਜਾ ਰਹੇ ਹਨ। ਇਸੇ ਤਹਿਤ ਜ਼ਿਲਾ ਲੁਧਿਆਣਾ ਦੇ 0-5 ਸਾਲ ਤੱਕ ਦੇ ਬੱਚਿਆਂ ਨੂੰ ਡਾਇਰੀਆ ਤੋਂ ਸੁਰੱਖਿਅਤ ਰੱਖਣ ਲਈ ਵਿਸ਼ੇਸ਼ ਪੰਦਰਵਾੜੇ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਦੀ ਸ਼ੁਰੂਆਤ ਅੱਜ ਸਥਾਨਕ ਸਿਵਲ ਹਸਪਤਾਲ ਵਿਖੇ ਹਲਕਾ ਲੁਧਿਆਣਾ (ਕੇਂਦਰੀ) ਦੇ ਵਿਧਾਇਕ ਸ੍ਰੀ ਸੁਰਿੰਦਰ ਡਾਵਰ ਨੇ ਕੀਤੀ। ਇਸ ਮੌਕੇ ਉਨਾਂ ਨਾਲ ਨਗਰ ਨਿਗਮ ਲੁਧਿਆਣਾ ਦੇ ਸੀਨੀਅਰ ਡਿਪਟੀ ਮੇਅਰ ਸ੍ਰੀ ਸ਼ਾਮ ਸੁੰਦਰ ਮਲਹੋਤਰਾ ਅਤੇ ਸਿਵਲ ਸਰਜਨ ਡਾ. ਪਰਵਿੰਦਰ ਪਾਲ ਸਿੰਘ ਸਿੱਧੂ ਅਤੇ ਹੋਰ ਵੀ ਹਾਜ਼ਰ ਸਨ।

ਇਸ ਮੁਹਿੰਮ ਬਾਰੇ ਜਾਣਕਾਰੀ ਦਿੰਦਿਆਂ ਜ਼ਿਲਾ ਟੀਕਾਕਰਨ ਅਫ਼ਸਰ ਡਾ. ਜਸਬੀਰ ਸਿੰਘ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲਾ ਲੁਧਿਆਣਾ ਦੇ 0-5 ਸਾਲ ਵਰਗ ਦੇ ਬੱਚਿਆਂ ਨੂੰ 5 ਲੱਖ ਤੋਂ ਵਧੇਰੇ ਓ.ਆਰ.ਐੱਸ. ਦੇ ਪੈਕੇਟ ਅਤੇ ਜ਼ਿੰਕ ਦੀਆਂ ਗੋਲੀਆਂ ਵੰਡੀਆਂ ਜਾਣਗੀਆਂ। ਇਹ ਮੁਹਿੰਮ ਆਸ਼ਾ ਵਰਕਰਾਂ, ਏ. ਐੱਨ. ਐੱਮਜ਼ ਅਤੇ ਸਿਹਤ ਕਾਮਿਆਂ ਵੱਲੋਂ ਘਰ-ਘਰ ਜਾ ਕੇ ਚਲਾਈ ਜਾਵੇਗੀ। ਸਿਹਤ ਕਰਮੀਆਂ ਵੱਲੋਂ ਲੋਕਾਂ ਨੂੰ ਇਹ ਵੀ ਦੱਸਿਆ ਜਾਵੇਗਾ ਕਿ ਓ. ਆਰ. ਐੱਸ. ਦਾ ਘੋਲ ਕਿਵੇਂ ਤਿਆਰ ਕਰਨਾ ਅਤੇ ਕਿਵੇਂ ਇਸ ਦੀ ਵਰਤੋਂ ਕਰਨੀ ਹੈ ਤਾਂ ਜੋ ਬੱਚਿਆਂ ਨੂੰ ਵਾਟਰ ਬੌਰਨ ਬਿਮਾਰੀਆਂ ਤੋਂ ਸੁਰੱਖਿਅਤ ਰੱਖਿਆ ਜਾ ਸਕੇ।

ਡਾ. ਜਸਬੀਰ ਸਿੰਘ ਨੇ ਕਿਹਾ ਕਿ ਇਸੇ ਤਰਾਂ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸਕੂਲਾਂ ਦਾ ਦੌਰਾ ਕਰਕੇ ਬੱਚਿਆਂ ਨੂੰ ਭੋਜਨ ਖਾਣ ਤੋਂ ਪਹਿਲਾਂ ਹੱਥ ਧੋਣ ਦੀ ਤਕਨੀਕ ਬਾਰੇ ਜਾਣੂ ਕਰਵਾਇਆ ਜਾਵੇਗਾ। ਇਸ ਮੁਹਿੰਮ ਦੌਰਾਨ ਪ੍ਰਭਾਵਿਤ ਬੱਚਿਆਂ ਦਾ ਡਾਟਾ ਵੀ ਤਿਆਰ ਕੀਤਾ ਜਾਵੇਗਾ, ਤਾਂ ਜੋ ਭਵਿੱਖ ਵਿੱਚ ਇਨਾਂ ਤੇ ਵਿਸ਼ੇਸ਼ ਧਿਆਨ ਦੇ ਕੇ ਇਲਾਜ ਮੁਹੱਈਆ ਕਰਵਾਇਆ ਜਾ ਸਕੇ। ਇਸ ਮੁਹਿੰਮ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਭਾਗ ਵੱਲੋਂ ਵਿਸ਼ੇਸ਼ ਪ੍ਰਚਾਰ ਮੁਹਿੰਮ ਵੀ ਆਰੰਭੀ ਗਈ ਹੈ ਜਿਸ ਤਹਿਤ ਪੋਸਟਰ, ਬੈਨਰ, ਹੋਰਡਿੰਗ ਲਗਾਉਣ ਦੇ ਨਾਲ-ਨਾਲ ਰੈਲੀਆਂ ਅਤੇ ਸੈਮੀਨਾਰ ਕਰਵਾਏ ਜਾਣਗੇ। ਇਸ ਸੰਬੰਧੀ ਕੌਂਸਲਿੰਗ ਅਤੇ ਜਾਗਰੂਕਤਾ ਲਈ ਸਰਕਾਰੀ ਹਸਪਤਾਲਾਂ, ਸਿਹਤ ਕੇਂਦਰਾਂ ਅਤੇ ਆਂਗਣਵਾੜੀਆਂ ਵਿੱਚ ਵਿਸ਼ੇਸ਼ ਕਾਊਂਟਰ ਲਗਾਏ ਜਾਣਗੇ। ਉਨਾਂ ਕਿਹਾ ਕਿ ਇਸ ਮੁਹਿੰਮ ਦੌਰਾਨ ਮਾਵਾਂ ਨੂੰ ਆਪਣੇ ਬੱਚਿਆਂ ਨੂੰ ਜਨਮ ਦੇ ਪਹਿਲੇ ਛੇ ਮਹੀਨੇ ਦੌਰਾਨ ਮਾਂ ਦਾ ਦੁੱਧ ਪਿਲਾਉਣ ਬਾਰੇ ਵੀ ਜਾਗਰੂਕ ਕੀਤਾ ਜਾਵੇਗਾ। ਵਿਧਾਇਕ ਸੁਰਿੰਦਰ ਡਾਵਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤਾ ਗਿਆ ‘ਮਿਸ਼ਨ ਤੰਦਰੁਸਤ ਪੰਜਾਬ’ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ੀ ਸੋਚ ਦਾ ਪ੍ਰਤੀਕ ਹੈ। ਇਸ ਮਿਸ਼ਨ ਤਹਿਤ ਲੋਕਾਂ ਨੂੰ ਸਾਫ਼ ਪਾਣੀ, ਹਵਾ ਅਤੇ ਸ਼ੁੱਧ ਵਾਤਾਵਰਣ ਮੁਹੱਈਆ ਕਰਾਇਆ ਜਾਣਾ ਹੈ। ਇਸ ਮਿਸ਼ਨ ਦਾ ਲੋਕਾਂ ਨੂੰ ਭਰਪੂਰ ਸਹਿਯੋਗ ਕਰਨਾ ਚਾਹੀਦਾ ਹੈ।


LEAVE A REPLY