ਕੈਨੇਡਾ ਦੇ ਹਾਈ ਕਮਿਸ਼ਨਰ ਹਰਿਮੰਦਰ ਸਾਹਿਬ ਹੋਏ ਨਤਮਸਤਕ


ਭਾਰਤ ‘ਚ ਕੈਨੇਡਾ ਦੇ ਹਾਈ ਕਮਿਸ਼ਨਰ ਐਚਈ ਨਾਦਿਰ ਪਟੇਲ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਦੀ ਪਤਨੀ ਗਰਾਹਮ ਪਟੇਲ ਤੇ ਬੇਟੀ ਵੀ ਉਨ੍ਹਾਂ ਦੇ ਨਾਲ ਸੀ। ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਪਹਿਲਾਂ ਉਨ੍ਹਾਂ ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਲੰਗਰ ਛਕਿਆ ਤੇ ਪ੍ਰਸ਼ਾਦੇ ਤਿਆਰ ਕਰਨ ਦੀ ਸੇਵਾ ਵੀ ਕੀਤੀ। ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਸਮੇਂ ਉਨ੍ਹਾਂ ਗੁਰੂ ਸਾਹਿਬ ਲਈ ਸੁੰਦਰ ਰੁਮਾਲਾ ਭੇਟ ਕੀਤਾ। ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਤੋਂ ਬਾਅਦ ਸੂਚਨਾ ਕੇਂਦਰ ਵਿਖੇ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਿਹਰੀ ਮਾਡਲ, ਸਿਰੋਪਾਓ ਤੇ ਧਾਰਮਿਕ ਪੁਸਤਕਾਂ ਦਾ ਸੈੱਟ ਦੇ ਕੇ ਸਨਮਾਨਿਤ ਕੀਤਾ।

ਇਸ ਮੌਕੇ ਨਾਦਿਰ ਪਟੇਲ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਉਨ੍ਹਾਂ ਨੂੰ ਸ਼ਾਂਤੀ ਪ੍ਰਾਪਤ ਹੋਈ ਹੈ। ਉਨ੍ਹਾਂ ਆਖਿਆ ਕਿ ਕੈਨੇਡਾ ਅਤੇ ਭਾਰਤ ਦੇ ਆਪਸ ਵਿਚ ਚੰਗੇ ਰਿਸ਼ਤੇ ਹਨ ਤੇ ਦੋਹਾਂ ਦੇਸ਼ਾਂ ਵਿਚ ਕਈ ਸਮਾਨਤਾਵਾਂ ਵੀ ਹਨ। ਇਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਇਹ ਚੰਗੀ ਗੱਲ ਹੈ ਕਿ ਦੋਵੇਂ ਦੇਸ਼ ਖੇਤੀ ਤੇ ਵਿਦਿਅਕ ਖੇਤਰ ਵਿੱਚ ਇੱਕ ਦੂਜੇ ਦੇ ਸਹਿਯੋਗੀ ਬਣ ਰਹੇ ਹਨ। ਉਨ੍ਹਾਂ ਕਿਹਾ ਕਿ ਜਿਥੇ ਅੱਜ ਭਾਰਤ ਤੋਂ ਕੈਨੇਡਾ ਵਿਖੇ ਪੜ੍ਹਨ ਲਈ ਵੱਡੀ ਗਿਣਤੀ ਵਿਚ ਵਿਦਿਆਰਥੀ ਜਾ ਰਹੇ ਹਨ, ਉਥੇ ਹੀ ਕੈਨੇਡਾ ਦੇ ਪਾੜ੍ਹੇ ਵੀ ਭਾਰਤ ਤੋਂ ਵਿਦਿਆ ਪ੍ਰਾਪਤ ਕਰਨ ਲਈ ਆਉਂਦੇ ਹਨ। ਪਟੇਲ ਨੇ ਕੈਨੇਡਾ ’ਚ ਸਿੱਖਾਂ ਦੀ ਸਥਿਤੀ ’ਤੇ ਕਿਹਾ ਕਿ ਉੱਥੇ ਸਿੱਖਾਂ ਨੇ ਆਪਣੀ ਮਿਹਨਤ ਤੇ ਲਿਆਕਤ ਨਾਲ ਚੰਗਾ ਸਥਾਨ ਹਾਸਲ ਕੀਤਾ ਹੈ। ਉਥੇ ਸਿੱਖ ਗੁਰਦੁਆਰਾ ਸਾਹਿਬਾਨ ਸਰਬਸਾਂਝੀਵਾਲਤਾ ਦਾ ਉਪਦੇਸ਼ ਵੰਡ ਰਹੇ ਹਨ।

  • 719
    Shares

LEAVE A REPLY